ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ ਵੰਡੇ
ਕਿਹਾ ਕਿ ਪਿੰਡਾਂ ਦੇ ਵਿਕਾਸ ਚ ਕੋਈ ਕਸਰ ਬਾਕੀ ਨਈਂ ਰਹਿਣ ਦਿੱਤੀ ਜਾਵੇਗੀ
5 Dariya News
ਅਜਨਾਲਾ/ਅੰਮ੍ਰਿਤਸਰ 06-Feb-2026
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਪਿੰਡਾਂ ਵਿੱਚ ਵਿਕਾਸ ਦੀਆਂ ਨਵੀਂਆਂ ਪੁਲਾਘਾਂ ਪੁੱਟੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਦੇ ਅੱਠ ਪਿੰਡਾਂ ਬਿਕਰਾਊਰ, ਬਰਲਾਸ, ਹਾਸ਼ਮਪੁਰਾ, ਸੈਦਪੁਰ ਖੁਰਦ, ਸ਼ਾਲੀਵਾਲ, ਸ਼ੇਖ ਭੱਟੀ, ਸੈਦੋਗਾਜੀ ਅਤੇ ਪੰਜਗਰਾਈਂ ਨਿੱਜਰਾਂ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦੇਣ ਸਮੇਂ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹਲਕਾ ਅਜਨਾਲਾ ਦੇ ਕਰੀਬ 46 ਪਿੰਡਾਂ ਨੂੰ 2 ਕਰੋੜ 30 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਨਾਂ ਪਿੰਡਾਂ ਦੇ ਵਾਸੀਆਂ ਨੇ ਸਰਬ ਸੰਮਤੀ ਨਾਲ ਆਪਣੇ ਪਿੰਡਾਂ ਦੀ ਪੰਚਾਇਤ ਦੀ ਚੋਣ ਕੀਤੀ ਸੀ ਜਿਸ ਤਹਿਤ ਇਨ੍ਹਾਂ ਨੂੰ ਰਾਜ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ। ਸ: ਧਾਲੀਵਾਲ ਨੇ ਕਿਹਾ ਕਿ ਇਹ ਰਾਸ਼ੀ ਪੰਚਾਇਤਾਂ ਆਪਣੀ ਮਰਜ਼ੀ ਨਾਲ ਪਿੰਡਾਂ ਦੇ ਵਿਕਾਸ `ਤੇ ਖਰਚ ਸਕਦੀਆਂ ਹਨ।
ਉਨਾਂ ਦੱਸਿਆ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਾਫ਼ੀ ਕਾਰਗਾਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਸ: ਧਾਲੀਵਾਲ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਸੂਬਾ ਵਾਸੀਆਂ ਨਾਲ ਕੀਤੀਆਂ ਸਨ, ਉਸਨੂੰ ਪੂਰਾ ਕਰ ਰਹੇ ਹਾਂ।
ਉਨਾਂ ਕਿਹਾ ਕਿ ਅਸੀਂ ਲੋਕਾਂ ਦੀ ਕਚਹਿਰੀ ਵਿੱਚ ਵਿਕਾਸ ਦੇ ਨਾਂ `ਤੇ ਵੋਟਾਂ ਮੰਗਾਂਗੇ। ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੁਰਣੀਆਂ ਸਰਕਾਰਾਂ ਨੇ ਕੇਵਲ ਫੌਕੇ ਲਾਅਰੇ ਹੀ ਲਾਉਂਦੀਆਂ ਸਨ। ਅਸੀਂ ਜ਼ਮੀਨੀ ਪੱਧਰ `ਤੇ ਜਾ ਕੇ ਹਕੀਕਤ ਵਿੱਚ ਕੰਮ ਕੀਤੇ ਹਨ। ਉਨਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਥੇ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਯਾਤਰਾ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੇ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਕਰਨ `ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਹੈ।