5 Dariya News

ਰਾਹੁਲ ਚਾਬਾ ਵੱਲੋਂ ਧੂਰੀ ਹਲਕੇ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ

ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਵਿਭਾਗ ਆਪਸੀ ਤਾਲਮੇਲ ਨਾਲ ਮੁਕੰਮਲ ਕਰਨੇ ਯਕੀਨੀ ਬਣਾਉਣ : ਰਾਹੁਲ ਚਾਬਾ

5 Dariya News

ਸੰਗਰੂਰ/ਧੂਰੀ 09-Feb-2026

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਧੂਰੀ ਹਲਕੇ ਵਿੱਚ ਚੱਲ ਰਹੇ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਆਪਸੀ ਤਾਲਮੇਲ ਨਾਲ ਨਿਰਧਾਰਤ ਸਮੇਂ ਅੰਦਰ ਪੂਰੇ ਕਰਨੇ ਯਕੀਨੀ ਬਣਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਸਮੇਂ-ਸਿਰ ਸਹੂਲਤਾਂ ਮਿਲ ਸਕਣ।

ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਧੂਰੀ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਜ਼ਾਨਾ ਖ਼ੁਦ ਰਿਪੋਰਟ ਲੈਂਦੇ ਹਨ। ਉਨਾਂ ਕਿਹਾ ਕਿ ਕਿਸੇ ਵੀ ਚੱਲ ਰਹੇ ਕੰਮ ਵਿੱਚ ਬੇਲੋੜੀ ਦੇਰੀ ਅਤੇ ਗੁਣਵੱਤਾ ਵਿੱਚ ਕਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਖੁਦ ਜਾ ਕੇ ਨਿਗਰਾਨੀ ਕਰਨ ਤਾਂ ਜੋ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾ ਸਕਣ।

ਸਮੀਖਿਆ ਬੈਠਕ ਦੌਰਾਨ ਦੱਸਿਆ ਗਿਆ ਕਿ ਧੂਰੀ ਸ਼ਹਿਰ ਦੇ ਸੁੰਦਰੀਕਰਨ ਨਾਲ ਸੰਬੰਧਿਤ ਕੁੱਲ 11 ਵਿਕਾਸ ਕਾਰਜ ਅਗਲੇ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇਸ ਸਬੰਧੀ ਕਾਰਜਕਾਰੀ ਅਫਸਰ, ਨਗਰ ਕੌਂਸਲ ਧੂਰੀ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1.41 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਸ਼ਹਿਰ ਦੇ ਕ੍ਰਾਂਤੀ ਚੌਕ ਦੇ ਸੁੰਦਰੀਕਰਨ ਦਾ ਕੰਮ ਜਾਰੀ ਹੈ। 

ਉਨ੍ਹਾਂ ਦੱਸਿਆ ਕਿ 1.09 ਕਰੋੜ ਰੁਪਏ ਨਾਲ ਸਬਜ਼ੀ ਮੰਡੀ ਨੇੜੇ ਐੱਮ.ਸੀ. ਪਾਰਕ ਦੇ ਨਵੀਨੀਕਰਨ ਅਤੇ ਡਾ. ਬੀ.ਆਰ. ਅੰਬੇਡਕਰ ਜੀ ਦੀ ਮੂਰਤੀ ਦੀ ਸਥਾਪਨਾ ਸਬੰਧੀ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਜਦਕਿ 27.63 ਲੱਖ ਰੁਪਏ ਦੀ ਲਾਗਤ ਨਾਲ ਸਬਜ਼ੀ ਮੰਡੀ ਨਾਲ ਲੱਗਦੇ ਇੰਡੋਰ ਖੇਡ ਹਾਲ ਦੀ ਅੱਪਗ੍ਰੇਡੇਸ਼ਨ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਧੂਰੀ ਵਿਖੇ ਆਰ.ਓ.ਬੀ. (ਸੰਗਰੂਰ ਸਾਈਡ) ਦੇ ਹੇਠਾਂ 1.03 ਕਰੋੜ ਰੁਪਏ ਦੀ ਲਾਗਤ ਨਾਲ “ਵਾਇਲਡ ਅਰੀਨਾ” ਪਾਰਕ ਦਾ ਵਿਕਾਸ ਕੀਤਾ ਜਾਵੇਗਾ, ਜਿਸ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ। 

ਇਸ ਤੋਂ ਇਲਾਵਾ 1.91 ਕਰੋੜ ਰੁਪਏ ਨਾਲ ਮਲੇਰਕੋਟਲਾ ਪਾਸੇ ਤੋਂ ਧੂਰੀ ਦੇ ਦਾਖ਼ਲੇ ਦਾ ਸੁੰਦਰੀਕਰਨ ਅਤੇ ਅੱਪਗ੍ਰੇਡੇਸ਼ਨ, 1.70 ਕਰੋੜ ਰੁਪਏ ਨਾਲ ਬਗੜੀਆਂ/ਨਾਭਾ ਪਾਸੇ ਤੋਂ ਧੂਰੀ ਦੇ ਦਾਖ਼ਲੇ ਦਾ ਸੁੰਦਰੀਕਰਨ ਅਤੇ ਅੱਪਗ੍ਰੇਡੇਸ਼ਨ ਅਤੇ 2.15 ਕਰੋੜ ਰੁਪਏ ਨਾਲ ਸੰਗਰੂਰ ਪਾਸੇ ਤੋਂ ਧੂਰੀ ਦੇ ਦਾਖ਼ਲੇ ਦਾ ਸੁੰਦਰੀਕਰਨ ਅਤੇ ਅੱਪਗ੍ਰੇਡੇਸ਼ਨ ਦਾ ਕੰਮ ਵੀ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ 3.10 ਕਰੋੜ ਰੁਪਏ ਦੀ ਲਾਗਤ ਨਾਲ ਆਰ.ਓ.ਬੀ. ਹੇਠਾਂ ਸ਼ੇਰਪੁਰ ਚੌਕ ਦਾ ਵਿਕਾਸ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ। ਇਸ ਮੌਕੇ ਐਕਸੀਅਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਰਾਹੁਲ ਕੌਸ਼ਲ ਵੱਲੋਂ ਐੱਸ.ਟੀ.ਪੀ. ‘ਤੇ ਚੱਲ ਰਹੇ ਕੰਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਐਕਸੀਅਨ ਪੁਨੀਤ ਸ਼ਰਮਾ ਨੇ ਕਹੇਰੂ ਵਿਖੇ ਬਣ ਰਹੇ ਸਪੋਰਟਸ ਕੰਪਲੈਕਸ ਦੀ ਪ੍ਰਗਤੀ ਬਾਰੇ ਦੱਸਿਆ, ਜਦਕਿ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਅਜੇ ਗਰਗ ਨੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਰ.ਓ.ਬੀ. ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੈਂਡਰ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ, ਐੱਸ.ਡੀ.ਐੱਮ. ਧੂਰੀ ਰਿਸ਼ਭ ਬਾਂਸਲ, ਡੀਐੱਸਪੀ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।