ਮੁੱਖ ਮੰਤਰੀ ਸਿਹਤ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22-Feb-2026
ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ 11 ਰਜਿਸਟਰੇਸ਼ਨ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਜੁਝਾਰ ਨਗਰ, ਫੇਜ਼-6, ਮੋਹਾਲੀ ਪਿੰਡ, ਫੇਜ਼-1, ਫੇਜ਼-3B1, ਫੇਜ਼-10, ਸੈਕਟਰ-66, ਬਾਕਰਪੁਰ, ਸਨੇਟਾ, ਸੈਕਟਰ-79 ਅਤੇ ਸੈਕਟਰ-77 ਵਿਖੇ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਹਰ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ’ਤੇ ਜਾਰੀ ਹੈ ਤਾਂ ਜੋ ਜ਼ਰੂਰਤਮੰਦ ਪਰਿਵਾਰਾਂ ਦੇ ਕਾਰਡ ਜਲਦੀ ਤਿਆਰ ਹੋ ਸਕਣ ਅਤੇ ਉਹ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਤਾਂ ਜੋ ਕੋਈ ਵੀ ਪਰਿਵਾਰ ਇਸ ਸਕੀਮ ਤੋਂ ਵਾਂਝਾ ਨਾ ਰਹੇ।
ਵਿਧਾਇਕ ਨੇ ਇਹ ਵੀ ਕਿਹਾ ਕਿ ਪੰਜਾਬ ਭਰ ਵਿੱਚ ਚੱਲ ਰਹੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਹਜ਼ਾਰਾਂ ਲੋਕ ਆਪਣੀ ਸਿਹਤ ਦੀ ਜਾਂਚ ਕਰਵਾ ਰਹੇ ਹਨ, ਜਿੱਥੇ ਮੁਫ਼ਤ ਦਵਾਈਆਂ ਅਤੇ ਲੋੜੀਂਦੇ ਟੈਸਟ ਮੁਹੱਈਆ ਕਰਵਾਏ ਜਾ ਰਹੇ ਹਨ। ਮੋਹਾਲੀ ਦੇ ਵਿਕਾਸ ਸੰਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਯੋਜਨਾਬੱਧ ਢੰਗ ਨਾਲ ਜਾਰੀ ਹੈ। ਟਰੈਫਿਕ ਸਮੱਸਿਆ ਦੇ ਹੱਲ ਲਈ ਇੰਡਸਟਰੀਅਲ ਏਰੀਏ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਨਵੇਂ ਚੌਂਕ ਵੀ ਵਿਕਸਿਤ ਕੀਤੇ ਜਾ ਰਹੇ ਹਨ।
ਇਸ ਮੌਕੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ (ਬਲਾਕ ਪ੍ਰਧਾਨ), ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਬਰਿਆਲੀ, ਅਵਤਾਰ ਸਿੰਘ ਮੌਲੀ ਬੈਦਵਾਣ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਗੀ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਇਕਬਾਲ ਸਿੰਘ (ਸਰਪੰਚ), ਪੰਕਜ ਹਾਂਡਾ, ਅਰੁਣ ਗੋਇਲ, ਐਡਵੋਕੇਟ ਜਸਵੀਰ ਸਿੰਘ, ਸੁਖਵਿੰਦਰ ਸਿੰਘ (ਸਰਪੰਚ ਬਾਕਰਪੁਰ), ਸੁਰਜੀਤ ਸਿੰਘ ਬਾਕਰਪੁਰ, ਗੁਰਦੇਸ਼ ਸਿੰਘ (ਸਰਪੰਚ), ਨਿਰਮੇਲ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਕੁਲਵੰਤ ਕੌਰ ਕੋਮਲ ਅਤੇ ਮੋਨਿਕਾ ਠਾਕੁਰ ਹਾਜ਼ਰ ਸਨ।