ਸੁਖਵੀਰ ਸਿੰਘ ਵੱਲੋਂ ਪਿੰਡ ਬੁਗਰਾ, ਮੂਲੋਵਾਲ ਅਤੇ ਅਲਾਲ ਦਾ ਦੌਰਾ
1.17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ; 95 ਲੱਖ ਰੁਪਏ ਦੇ ਨਵੇਂ ਕੰਮਾਂ ਦੀ ਸ਼ੁਰੂਆਤ
5 Dariya News
ਧੂਰੀ/ਸੰਗਰੂਰ 03-Mar-2026
ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੁਗਰਾ, ਅਲਾਲ ਅਤੇ ਮੂਲੋਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਰੀਬ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਲਗਭਗ 95 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ।
ਪਿੰਡ ਬੁਗਰਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ 24.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਪਿੰਡ ਅਲਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਦਕਿ ਧਰਮਸ਼ਾਲਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਪਿੰਡ ਮੂਲੋਵਾਲ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਅਤੇ 23 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਸਕੂਲ ਦੀ ਇਮਾਰਤ ’ਤੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਯਾਦਗਾਰੀ ਗੇਟ, ਬੱਸ ਸਟੈਂਡ, ਸੋਲਰ ਲਾਈਟਾਂ, ਮਾਡਰਨ ਸੱਥ ਅਤੇ ਵਿਰਾਸਤੀ ਗਲੀ ਦੇ ਨਿਰਮਾਣ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ ਗਈ। ਦੌਰੇ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਲੋਕ-ਹਿਤ ਦੇ ਕੰਮ ਪ੍ਰਾਥਮਿਕਤਾ ਅਧੀਨ ਪੂਰੇ ਕਰਵਾਉਣ।
ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ ਸਮੇਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।