5 Dariya News

ਤੀਜੀ ਪ੍ਰਮੋਸ਼ਨਲ ਮੈਰਾਥਨ 13 ਮਾਰਚ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਹੋਵੇਗੀ

ਡੀ.ਸੀ ਵੱਲੋਂ ਪੋਸਟਰ ਜਾਰੀ

5 Dariya News

ਫਤਿਹਗੜ੍ਹ ਸਾਹਿਬ 05-Mar-2026

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਤੀਜੀ ਪ੍ਰਮੋਸ਼ਨਲ ਮੈਰਾਥਨ 13 ਮਾਰਚ ਨੂੰ ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵਿਖੇ ਕਰਵਾਈ ਜਾਵੇਗੀ, ਜਿਸ ਦਾ ਅਧਿਕਾਰਕ ਪੋਸਟਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਕੀਤਾ ਗਿਆ। ਇਹ ਮੈਰਾਥਨ 22 ਮਾਰਚ ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਲਈ ਇਕ ਮਹੱਤਵਪੂਰਨ ਪ੍ਰੇਰਕ ਕਦਮ ਵਜੋਂ ਮੰਨੀ ਜਾ ਰਹੀ ਹੈ। 

ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਜਗਾਉਣ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਵੀ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 05 ਕਿਲੋਮੀਟਰ ਦੀ ਪ੍ਰੋ ਮੈਰਾਥਨ ਸਵੇਰੇ 6:00 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਵਿਦਿਆਰਥੀਆਂ, ਖਿਡਾਰੀਆਂ ਅਤੇ ਆਮ ਨਾਗਰਿਕਾਂ ਦੀ ਵੱਡੀ ਭਾਗੀਦਾਰੀ ਹੋਵੇਗੀ। 

ਉਨ੍ਹਾਂ ਕਿਹਾ ਕਿ ਇਹ ਮੈਰਾਥਨ ਸਿਰਫ਼ ਇੱਕ ਖੇਡ ਪ੍ਰੋਗਰਾਮ ਨਹੀਂ, ਬਲਕਿ ਨੌਜਵਾਨਾਂ ਨੂੰ ਤੰਦਰੁਸਤੀ, ਅਨੁਸ਼ਾਸਨ ਅਤੇ ਸਮਾਜਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਨ ਵਾਲਾ ਇੱਕ ਜਨ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਇਹ ਮੈਰਾਥਨ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਸਮਾਜਿਕ ਜਾਗਰੂਕਤਾ ਨਾਲ ਜੋੜੇਗੀ। 

ਖੇਡਾਂ ਅਤੇ ਸਾਂਝੀ ਭਾਗੀਦਾਰੀ ਰਾਹੀਂ ਹੀ ਅਸੀਂ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਦਾ ਡਟ ਕੇ ਮੁਕਾਬਲਾ ਕਰ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ, ਨੌਜਵਾਨਾਂ, ਸਰਕਾਰੀ ਕਰਮਚਾਰੀਆਂ, ਸਮਾਜਿਕ ਸੰਸਥਾਵਾਂ, ਪਰਿਵਾਰਾਂ ਅਤੇ ਸੀਨੀਅਰ ਸਿਟੀਜ਼ਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਅਪੀਲ ਕਰਦਿਆਂ ਕਿਹਾ ਕਿ 13 ਮਾਰਚ ਨੂੰ ਡੀ.ਬੀ.ਯੂ. ਵਿਖੇ ਤੀਜੀ ਪ੍ਰੋ ਮੈਰਾਥਨ ਅਤੇ 22 ਮਾਰਚ ਨੂੰ ਮਾਹਿਲਪੁਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਵਿੱਚ ਸ਼ਾਮਲ ਹੋ ਕੇ ਨਸ਼ਾ-ਮੁਕਤ ਪੰਜਾਬ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਮੈਰਾਥਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ, ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।