ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਵਿਭਾਗ ਮੁਖੀਆ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ: ਆਸ਼ਿਕਾ ਜੈਨ
ਡਿਪਟੀ ਕਮਿਸ਼ਨਰ ਨੇ ਵਿਭਾਗ ਮੁਖੀਆਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
5 Dariya News
ਹੁਸ਼ਿਆਰਪੁਰ 06-Mar-2026
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਵਿਭਾਗਾਂ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵਿਭਾਗ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 300 ਤੋਂ ਵੱਧ ਥਾਵਾਂ ‘ਤੇ ਇਸ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਹੋ ਰਹੀ ਹੈ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿੱਚ ਵੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਸਹੂਲਤ ਅਨੁਸਾਰ ਉਨ੍ਹਾਂ ਵੱਲੋਂ ਦੱਸੇ ਗਏ ਸਥਾਨ ‘ਤੇ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਜਾ ਸਕਦਾ ਹੈ, ਬਸ਼ਰਤੇ ਇਸ ਸਬੰਧੀ ਪਹਿਲਾਂ ਤੋਂ ਸੂਚਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਵਿਭਾਗ ਇਸ ਸਬੰਧੀ ਜਲਦ ਤੋਂ ਜਲਦ ਯੋਜਨਾ ਤਿਆਰ ਕਰਕੇ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ ਓਇਸ਼ੀ ਮੰਡਲ ਨੂੰ ਭੇਜਣ, ਤਾਂ ਜੋ ਕੈਂਪਾਂ ਦੀ ਵਿਵਸਥਾ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਰਜਿਸਟਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ।
ਇਹ ਸਹੂਲਤ ਨਾ ਸਿਰਫ ਸਰਕਾਰੀ, ਸਗੋਂ ਰਾਜ ਦੇ ਨਿੱਜੀ ਹਸਪਤਾਲਾਂ ਵਿੱਚ ਵੀ ਲਾਗੂ ਹੈ। ਲਿਵਰ, ਕਿਡਨੀ, ਕੈਂਸਰ ਅਤੇ ਵੱਖ-ਵੱਖ ਕਿਸਮ ਦੀਆਂ ਸਰਜਰੀਆਂ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਇਸ ਯੋਜਨਾ ਵਿੱਚ ਸ਼ਾਮਲ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਕੋਲ ਪਹਿਲਾਂ ਤੋਂ 5 ਲੱਖ ਰੁਪਏ ਵਾਲਾ ਆਯੁਸ਼ਮਾਨ ਕਾਰਡ ਹੈ, ਉਹ ਸੌਖੀ ਈ-ਕੇਵਾਈਸੀ ਪ੍ਰਕਿਰਿਆ ਰਾਹੀਂ ਇਸਨੂੰ 10 ਲੱਖ ਰੁਪਏ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵਿੱਚ ਅਪਗ੍ਰੇਡ ਕਰ ਸਕਦੇ ਹਨ।
ਲੋਕਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ 7589944720 ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਇਹ ਜਾਣ ਸਕਣਗੇ ਕਿ ਉਹ ਆਪਣਾ ਕਾਰਡ ਕਿੱਥੇ ਅਤੇ ਕਿਵੇਂ ਬਣਵਾ ਸਕਦੇ ਹਨ। ਆਸ਼ਿਕਾ ਜੈਨ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਆਧਾਰ ਕਾਰਡ (ਮੋਬਾਈਲ ਨਾਲ ਲਿੰਕ), ਵੋਟਰ ਕਾਰਡ ਅਤੇ ਨਾਬਾਲਿਗ ਬੱਚਿਆਂ ਲਈ ਜਨਮ ਪ੍ਰਮਾਣ ਪੱਤਰ ਲਾਜ਼ਮੀ ਹੈ।
ਕਾਰਡ ਬਣਵਾਉਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰਾਂ ਦਾ ਮੌਜੂਦ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਕੈਂਪ ਜਾਂ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਜਲਦ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਪਰਿਵਾਰ ਨੂੰ ਸਿਹਤ ਸੁਰੱਖਿਆ ਦਾ ਲਾਭ ਦਿਵਾਉਣ।
ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਸਿਵਲ ਸਰਜਨ ਡਾ. ਮੰਦੀਪ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।