5 Dariya News

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼

ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

5 Dariya News

ਕਪੂਰਥਲਾ 08-Mar-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਤਫ਼ਤੀਸ਼ ਤੋਂ ਬਾਅਦ ਉਸ ਦੇ 17 ਸਾਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ 87000 ਰੁਪਏ ’ਚ ਹਥਿਆਰ ਖ਼ਰੀਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 25 ਮਿਤੀ 2/2/2026 ਅਧੀਨ ਕੇਸ ਦਰਜ ਕੀਤਾ ਗਿਆ ਸੀ।