5 Dariya News

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ

ਵਿਰਸਾ ਵਿਹਾਰ 'ਚ ਸੰਗੀਤ ਅਤੇ ਡਾਂਸ ਕਲਾਸਾਂ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

5 Dariya News

ਜਲੰਧਰ 16-Mar-2026

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸਥਾਨਕ ਵਿਰਸਾ ਵਿਹਾਰ ਵਿਖੇ ਸੰਗੀਤ ਅਤੇ ਡਾਂਸ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਉਦਘਾਟਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸੰਗੀਤਸ਼ਾਲਾ ਅਤੇ ਨਾਟਸ਼ਾਲਾ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚਲੀ ਪ੍ਰਤਿਭਾ ਨੂੰ ਨਿਖਾਰਨ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾਤਮਕ ਖੇਤਰਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ। 

ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ. ਵੀ ਮੌਜੂਦ ਸਨ। ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਪ੍ਰਸ਼ਾਸਨ ਜ਼ਿਲ੍ਹੇ ਦੇ ਨੌਜਵਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਵਿੱਚ ਮਦਦ ਲਈ ਜਿਥੇ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਉਥੇ ਚੇਤਨਾ ਪ੍ਰਾਜੈਕਟ ਤਹਿਤ ਲਾਈਫ਼ ਸੇਵਿੰਗ ਸਕਿੱਲ ਤੇ ਸਵੈ ਰੱਖਿਆ ਸਬੰਧੀ ਸਿਖ਼ਲਾਈ ਪ੍ਰਦਾਨ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਜਲੰਧਰ ਪ੍ਰੀਮੀਅਰ ਲੀਗ ਤਹਿਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ।ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ 6 ਪਬਲਿਕ ਲਾਇਬ੍ਰੇਰੀਆਂ ਤਿਆਰ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਕਲਾ ਤੇ ਸੱਭਿਆਚਾਰ ਦਾ ਕੇਂਦਰ ਰਿਹਾ ਹੈ ਅਤੇ ਇਸ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੰਗੀਤ ਅਤੇ ਡਾਂਸ ਕਲਾਸਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। 

ਜ਼ਿਕਰਯੋਗ ਹੈ ਕਿ ਇਨ੍ਹਾਂ ਕਲਾਸਾਂ ਲਈ ਬਾਕਾਇਦਾ ਤਜਰਬੇਕਾਰ ਅਤੇ ਮਾਹਰ ਇੰਸਟਰਕਟਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਸਿਖਿਆਰਥੀਆਂ ਨੂੰ ਉੱਚ ਮਿਆਰੀ ਸਿਖ਼ਲਾਈ ਪ੍ਰਦਾਨ ਕੀਤੀ ਸਕੇ। ਕਲਾਸਾਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਅਤੇ ਸ਼ਾਮ 5 ਤੋਂ 8 ਵਜੇ ਤੱਕ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਭਾਰਤੀ ਸ਼ਾਸਤਰੀ ਸੰਗੀਤ, ਲੋਕ ਸੰਗੀਤ, ਗਿੱਧਾ, ਭੰਗੜਾ ਆਦਿ ਦੀ ਸਿਖ਼ਲਾਈ ਦਿੱਤੀ ਜਾਵੇਗੀ। 

ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਵਿਰਸਾ ਵਿਹਾਰ ਦੀ ਕਾਰਜਕਾਰੀ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ, ਵਾਈਸ ਪ੍ਰੈਜ਼ੀਡੈਂਟ ਸੰਗਤ ਰਾਮ ਤੋਂ ਇਲਾਵਾ ਰਮੇਸ਼ ਮੋਦਗਿੱਲ, ਡਾ. ਮੋਹਨ ਮਹਿਮੀ, ਜਸਵਿੰਦਰ ਸਿੰਘ ਕੋਹਲੀ, ਮਨਜੀਤ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।