5 Dariya News

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ–2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ : ਨਰਿੰਦਰ ਕੌਰ ਭਰਾਜ

5 Dariya News

ਚੰਡੀਗੜ੍ਹ 13-Apr-2026

ਪੰਜਾਬ ਦੇ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ–2026” ਪੇਸ਼ ਕੀਤਾ ਗਿਆ। ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਕਿ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।

ਹਲਕਾ ਵਿਧਾਇਕ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਲਕਾ ਵਿਧਾਇਕ ਨੇ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਤੌਰ 'ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ।

ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਹ ਕਾਨੂੰਨ, ਸੂਬੇ ਵਿੱਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਪਵਿੱਤਰ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ।