ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
5 Dariya News
ਸ੍ਰੀ ਮੁਕਤਸਰ ਸਾਹਿਬ 14-Apr-2026
ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਕੇ ਕਣਕ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਮੰਡੀ ਵਿੱਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਉਨ੍ਹਾਂ ਨੇ ਕਿਹਾ ਕਿ ਸਾਫ-ਸਫਾਈ, ਪੀਣ ਵਾਲੇ ਪਾਣੀ ਅਤੇ ਲਾਈਟਾਂ ਦਾ ਪ੍ਰਬੰਧ ਬਹੁਤ ਵਧੀਆ ਹੈ। ਆੜਤੀਆਂ ਵੱਲੋਂ ਵੀ ਪ੍ਰਬੰਧਾਂ ’ਤੇ ਸੰਤੁਸ਼ਟੀ ਜਤਾਈ ਗਈ ਅਤੇ ਮੰਗ ਕੀਤੀ ਗਈ ਕਿ ਲਿਫਟਿੰਗ ਦੀ ਕੋਈ ਸਮੱਸਿਆ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੀ ਫਸਲ ਦੀ ਸਮੇਂ-ਸਿਰ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਮੰਡੀ ਵਿੱਚ ਲਗਭਗ 8 ਤੋਂ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਖਰੀਦ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ, ਕਿਸਾਨ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।