5 Dariya News

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਕੁਲਜੀਤ ਸਿੰਘ ਰੰਧਾਵਾ ਸਖ਼ਤ

ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

5 Dariya News

ਡੇਰਾਬੱਸੀ 15-Apr-2026

ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਉਣ ਵਾਲੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਹਲਕੇ ਦੇ ਵਸਨੀਕਾਂ ਨੂੰ ਬਿਜਲੀ ਅਤੇ ਪਾਣੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਬਿਜਲੀ ਵਿਭਾਗ, ਤਿੰਨਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ, ਬੀ ਡੀ ਪੀ ਓ ਡੇਰਾਬੱਸੀ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਸੰਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖਰਾਬੀ ਜਾਂ ਸਪਲਾਈ ਵਿੱਚ ਰੁਕਾਵਟ ਆਉਣ ‘ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਲਕੇ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਲਾਂ ਤੋਂ ਪਹਿਚਾਣ ਕਰਕੇ ਉਥੇ ਵੱਖਰਾ ਧਿਆਨ ਦਿੱਤਾ ਜਾਵੇ ਤਾਂ ਜੋ ਗਰਮੀ ਦੌਰਾਨ ਕਿਸੇ ਵੀ ਕਿਸਮ ਦੀ ਅਸੁਵਿਧਾ ਪੈਦਾ ਨਾ ਹੋਵੇ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।