ਸ਼੍ਰੋਮਣੀ ਅਕਾਲੀ ਦਲ ਉਦਯੋਗ ਅਤੇ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਪੰਨੂ ਨੇ ਦਿੱਤਾ ਅਸਤੀਫਾ
5 Dariya News
ਖਰੜ 24-Apr-2026
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਉਦਯੋਗ ਅਤੇ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਪੰਨੂ ਨੇ ਆਪਣੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਆਪਣੇ ਅਸਤੀਫੇ ਵਿੱਚ ਉਨ੍ਹਾਂ ਨੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਪਾਰਟੀ ਦੇ ਅੰਦਰੂਨੀ ਮਾਹੌਲ 'ਤੇ ਸਵਾਲ ਖੜ੍ਹੇ ਕੀਤੇ ਹਨ। ਹਰਜੀਤ ਸਿੰਘ ਪੰਨੂ ਨੇ ਲਿਖਿਆ ਕਿ ਉਹ ਬੜੇ ਦੁਖੀ ਹਿਰਦੇ ਨਾਲ ਪਾਰਟੀ ਨੂੰ ਇਹ ਜਾਣਕਾਰੀ ਦੇ ਰਹੇ ਹਨ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਸੀ, ਜਿਸ ਕਾਰਨ ਆਮ ਲੋਕਾਂ ਵਿੱਚ ਉਨ੍ਹਾਂ ਦੀ ਸਾਖ ਨੂੰ ਠੇਸ ਪਹੁੰਚ ਰਹੀ ਸੀ।
ਉਨ੍ਹਾਂ ਕਿਹਾ ਕਿ ਉਹ ਤਿੰਨ ਤੋਂ ਚਾਰ ਵਾਰ ਖਰੜ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਅਹੁਦੇਦਾਰਾਂ ਦੀ ਨਿਯੁਕਤੀ ਲਈ ਲਿਸਟਾਂ ਭੇਜ ਚੁੱਕੇ ਸਨ, ਪਰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕਿਸੇ ਵੀ ਵਰਕਰ ਨੂੰ ਅਹੁਦਾ ਨਹੀਂ ਦਿੱਤਾ ਗਿਆ। ਇਸ ਕਾਰਨ ਹਲਕੇ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਉੱਚ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਮੀਟਿੰਗ ਜਾਂ ਗਤੀਵਿਧੀ ਬਾਰੇ ਜਾਣਕਾਰੀ ਨਹੀਂ ਦਿੱਤੀ ਜਾਂਦੀ ਸੀ, ਜਿਸ ਨਾਲ ਉਹ ਆਪਣੇ ਆਪ ਨੂੰ ਪਾਰਟੀ ਵਿੱਚ ਨਜ਼ਰਅੰਦਾਜ਼ ਮਹਿਸੂਸ ਕਰਦੇ ਰਹੇ।
ਪੰਨੂ ਨੇ ਕਿਹਾ ਕਿ ਜਦੋਂ ਪਾਰਟੀ ਦਾ ਮਾੜਾ ਸਮਾਂ ਸੀ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਪਾਰਟੀ ਛੱਡ ਕੇ ਚਲੇ ਗਏ ਸਨ, ਉਸ ਸਮੇਂ ਉਹ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਨਾਲ ਖਰੜ ਦੇ ਕਈ ਕੌਂਸਲਰ, ਨੇੜਲੇ ਪਿੰਡਾਂ ਦੇ ਸਰਪੰਚ, ਪੰਚ, ਵਪਾਰ ਮੰਡਲਾਂ ਦੇ ਪ੍ਰਧਾਨ, ਗਉਸ਼ਾਲਾ ਕਮੇਟੀ, ਜ਼ਮੀਨ ਰਜਿਸਟਰੀ ਐਸੋਸੀਏਸ਼ਨ ਅਤੇ ਹਿੰਦੂ ਤਖ਼ਤ ਦੇ ਅਹੁਦੇਦਾਰ ਵੀ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਹ ਵਾਰ-ਵਾਰ ਖਰੜ ਹਲਕੇ ਵਿੱਚ ਵੱਡੀਆਂ ਮੀਟਿੰਗਾਂ ਅਤੇ ਜੁਆਇਨਿੰਗ ਪ੍ਰੋਗਰਾਮ ਕਰਵਾਉਣ ਲਈ ਕਹਿੰਦੇ ਰਹੇ, ਪਰ ਉਨ੍ਹਾਂ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਮੀਟਿੰਗਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਕੋਈ ਅਹਿਮੀਅਤ ਨਹੀਂ ਅਤੇ ਉਨ੍ਹਾਂ ਦੇ ਸੁਝਾਵਾਂ ਦੀ ਲੋੜ ਨਹੀਂ, ਤਾਂ ਅਜਿਹੀ ਸਥਿਤੀ ਵਿੱਚ ਉਹ ਆਪਣੇ ਹਲਕੇ ਦੇ ਨੌਜਵਾਨਾਂ ਅਤੇ ਸ਼ਹਿਰ ਨਿਵਾਸੀਆਂ ਦੀ ਭਲਾਈ ਲਈ ਆਜ਼ਾਦ ਤੌਰ 'ਤੇ ਕੰਮ ਕਰਨਾ ਹੀ ਬਿਹਤਰ ਸਮਝਦੇ ਹਨ।
ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪਾਰਟੀ ਦੇ ਉੱਚ ਅਹੁਦੇਦਾਰ ਹੇਠਲੇ ਵਰਕਰਾਂ ਨਾਲ ਭੇਦਭਾਵ ਕਰਦੇ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ ਜਾਂਦੀ। ਇਸ ਕਾਰਨ ਉਹ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਹਰਜੀਤ ਸਿੰਘ ਪੰਨੂ ਵੱਲੋਂ ਇਹ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ, ਜਦਕਿ ਇਸ ਦੀ ਕਾਪੀ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੁਹਾਣਾ ਨੂੰ ਵੀ ਭੇਜੀ ਗਈ ਹੈ।
ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਵਿੱਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਪੰਨੂ ਦੇ ਅਸਤੀਫੇ ਨਾਲ ਅਕਾਲੀ ਦਲ ਨੂੰ ਖਰੜ ਹਲਕੇ ਵਿੱਚ ਵੱਡਾ ਨੁਕਸਾਨ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਹਰਜੀਤ ਸਿੰਘ ਪੰਨੂ ਹਮੇਸ਼ਾ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹੇ ਹਨ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਕਰਦੇ ਰਹੇ ਹਨ। ਉਨ੍ਹਾਂ ਦੀ ਅਣਦੇਖੀ ਕਾਰਨ ਸੈਂਕੜੇ ਨੌਜਵਾਨ ਵੀ ਪਾਰਟੀ ਤੋਂ ਪਾਸਾ ਵੱਟ ਸਕਦੇ ਹਨ, ਜੋ ਪਾਰਟੀ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ।
ਹਲਕਾ ਖਰੜ ਦੇ ਵਿੱਚ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਲੋਂ ਹਲਕਾ ਇਨਚਾਰਜ ਲਾਉਣ ਤੋਂ ਬਾਅਦ ਕਈ ਵੱਡੇ ਨੇਤਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਜਾ ਚੁੱਕੇ ਹਨ ਇਸ ਕਰਕੇ ਅਕਾਲੀ ਦਲ ਨੂੰ ਇਹ ਸੋਚਣਾ ਹੋਵੇਗਾ ਕਿ ਅਗਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਖਰੜ ਦੇ ਵਿੱਚ ਅਕਾਲੀ ਦਲ ਆਪਣੀ ਵਰਕਰਾਂ ਨੂੰ ਨਰਾਜ਼ ਕਰਦਾ ਰਿਹਾ ਤਾਂ ਕਿਤੇ ਅਕਾਲੀ ਦਲ ਪੂਰਾ ਖਾਲੀ ਦਲ ਨਾ ਬਣ ਜਾਵੇ।