5 Dariya News

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ ਕੀਤਾ

5 Dariya News

ਕੋਟਕਪੂਰਾ 25-Apr-2026

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾਏਗਾ। 

ਆਪਣੀ ਸਰਕਾਰ ਨੂੰ ਇਹ ਕਾਨੂੰਨ ਲਿਆਉਣ ਦਾ ਮੌਕਾ ਦੇਣ ਲਈ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਧਾਰਮਿਕ ਅਸਥਾਨਾਂ ਦੇ ਮਾਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।