ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ 'ਆਪ' ਦੇ ਇਰਾਦਿਆਂ ਨੂੰ ਸਮਝਣ ਦੀ ਲੋੜ : ਸੁਖਜਿੰਦਰ ਸਿੰਘ ਰੰਧਾਵਾ
ਰੰਧਾਵਾ ਨੇ ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਦਾ ਕਤਲ, ਸਿਰਫ ਕਾਂਗਰਸ ਹੀ ਕਰ ਸਕਦੀ ਸੰਵਿਧਾਨ ਦੀ ਰਾਖੀ
5 Dariya News
ਚੰਡੀਗੜ੍ਹ 25-Apr-2026
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਦੋਵੇਂ ਪਾਰਟੀਆਂ ਸੱਤਾ ਦੀ ਖ਼ਾਤਰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ।
ਪੰਜਾਬ ਦੇ ਲੋਕਾਂ ਨੂੰ ਅੱਜ ਭਾਜਪਾ ਅਤੇ ‘ਆਪ’ ਦੇ ਇਸ ਇਰਾਦਿਆਂ ਨੂੰ ਸਮਝਣ ਦੀ ਲੋੜ ਹੈ। ਰੰਧਾਵਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ। ਜਮਹੂਰੀ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਵਚਨਬੱਧ ਹੈ। ਰੰਧਾਵਾ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ।
ਤਾਂ ਜੋ ਭਾਜਪਾ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ। ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਸੰਸਦ ਮੈਂਬਰ ਭਾਜਪਾ ਅਤੇ ਆਰ.ਐਸ.ਐਸ ਦੇ ਇਕਹਿਰੇ ਰਾਜ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨਾ ਸਿਰਫ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਆਪਣੀ ਗਿਣਤੀ ਵਧਾ ਕੇ ਮਨਮਾਨੇ ਬਿੱਲ ਪਾਸ ਕਰਨਾ ਚਾਹੁੰਦੀ ਹੈ, ਸਗੋਂ ਛੋਟੀਆਂ ਅਤੇ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਭਾਜਪਾ ਦਾ ਉਦੇਸ਼ ਖਾਸ ਤੌਰ 'ਤੇ ਵਿਰੋਧੀ ਧਿਰ ਨੂੰ ਖਤਮ ਕਰਨਾ ਹੈ। ਈਡੀ ਅਤੇ ਸੀਬੀਆਈ ਵਰਗੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਡਰਾਉਣ ਅਤੇ ਮਜਬੂਰ ਕਰਨ ਲਈ ਕੀਤੀ ਜਾ ਰਹੀ ਹੈ। ਫ਼ਤਵੇ ਦੀ ਲੁੱਟ ਹੋ ਰਹੀ ਹੈ ਅਤੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨ ਨੂੰ ਬਚਾਉਣ ਦੀ ਆਵਾਜ਼ ਬੁਲੰਦ ਕੀਤੀ ਹੈ।
ਸਿਰਫ਼ ਕਾਂਗਰਸ ਹੀ ਸੰਵਿਧਾਨ ਨੂੰ ਬਚਾ ਸਕਦੀ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਭਾਜਪਾ ਦੀ ਬੀ-ਟੀਮ 'ਆਪ' ਨੇ ਕਾਂਗਰਸ ਵਿਰੁੱਧ ਝੂਠ ਦਾ ਮਹਿਲ ਉਸਾਰਿਆ ਹੈ, ਜੋ ਆਪਣੇ ਹੀ ਭਾਰ ਹੇਠ ਢਹਿ-ਢੇਰੀ ਹੋ ਰਿਹਾ ਹੈ। ਦਸ ਸਾਲਾਂ ਤੋਂ 'ਆਪ' ਨੇ ਕਾਂਗਰਸ 'ਤੇ ਬੇਬੁਨਿਆਦ ਦੋਸ਼ ਲਾਏ ਹਨ ਅਤੇ ਕਾਂਗਰਸ ਨੂੰ ਭ੍ਰਿਸ਼ਟ ਸਾਬਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਸ ਪਾਰਟੀ ਦੀ ਨੀਂਹ ਹੁਣ ਤਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਗਲਤੀਆਂ ਇਕੱਠੀਆਂ ਕਰਨ ਨਾਲ ਇਕ ਸੱਚ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕਰਕੇ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।