ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ : ਹਰਪ੍ਰੀਤ ਸਿੰਘ ਨੇ ਵੇਰਵੇ ਭਰ ਕੇ ਕੀਤੀ ਸ਼ੁਰੂਆਤ
ਗਿਣਤੀਕਾਰ ਡਿਜੀਟਲ ਮੋਡ ਰਾਹੀਂ ਘਰ-ਘਰ ਕਰਨਗੇ ਸਰਵੇਖਣ, ਅੰਕੜੇ ਰਹਿਣਗੇ ਪੂਰੀ ਤਰ੍ਹਾਂ ਗੁਪਤ
5 Dariya News
ਬਰਨਾਲਾ 05-May-2026
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 'ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ' ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਇਸ ਅਹਿਮ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਪਣੇ ਵੇਰਵੇ ਦਰਜ ਕਰਕੇ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 558 ਪੋਲਿੰਗ ਬੂਥਾਂ ਲਈ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਮੁਕੰਮਲ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਇਹ ਸਰਵੇਖਣ ਪੂਰੀ ਤਰ੍ਹਾਂ ਡਿਜੀਟਲ ਮੋਡ ਰਾਹੀਂ ਸਰਕਾਰ ਵੱਲੋਂ ਜਾਰੀ ਕੀਤੀ ਗਈ ਮੋਬਾਈਲ ਐਪਲੀਕੇਸ਼ਨ ਰਾਹੀਂ ਘਰ-ਘਰ ਜਾ ਕੇ ਕੀਤਾ ਜਾਵੇਗਾ।
ਇਸ ਜਨਗਣਨਾ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਹੱਦ ਅਤੇ ਇਸਦੇ ਪ੍ਰਭਾਵ ਦਾ ਮੁਲਾਂਕਣ ਕਰਨਾ ਅਤੇ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਸਮਝਣਾ ਹੈ। ਇਸ ਤੋਂ ਇਕੱਤਰ ਕੀਤੇ ਅੰਕੜਿਆਂ ਦੀ ਮਦਦ ਨਾਲ ਬਿਹਤਰ ਸਿਹਤ ਸੰਭਾਲ, ਨਸ਼ਾ ਛੁਡਾਊ ਸੇਵਾਵਾਂ, ਰੁਜ਼ਗਾਰ ਦੇ ਮੌਕਿਆਂ ਅਤੇ ਸਿੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਸਬੂਤ-ਆਧਾਰਿਤ ਯੋਜਨਾਬੰਦੀ ਕੀਤੀ ਜਾ ਸਕੇਗੀ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਸਹੀ ਲਾਭਪਾਤਰੀਆਂ ਤੱਕ ਯਕੀਨੀ ਤੌਰ 'ਤੇ ਪਹੁੰਚ ਸਕੇ।
ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਤੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਹਨਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਣਕਾਰੀ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਹ ਡਾਟਾ ਸਿਰਫ਼ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ। ਕਿਸੇ ਵੀ ਜਾਣਕਾਰੀ ਨੂੰ ਕਿਸੇ ਸਜ਼ਾ ਵਾਲੀ ਕਾਰਵਾਈ ਲਈ ਨਹੀਂ ਵਰਤਿਆ ਜਾਵੇਗਾ।