ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ 60 ਲੋੜਵੰਦ ਪਰਿਵਾਰਾਂ ਨੂੰ 20.40 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ
ਮੁੱਖ ਮੰਤਰੀ ਰਾਹਤ ਕੋਸ਼ ਫੰਡ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਗਈ ਆਰਥਿਕ ਮਦਦ: ਓ.ਐਸ.ਡੀ. ਸੁਖਵੀਰ ਸਿੰਘ
5 Dariya News
ਧੂਰੀ 06-May-2026
ਪੰਜਾਬ ਸਰਕਾਰ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਲਕਾ ਧੂਰੀ ਵਿੱਚ ਅੱਜ ਇੱਕ ਸਮਾਗਮ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ 60 ਲੋੜਵੰਦ ਪਰਿਵਾਰਾਂ ਨੂੰ ਕੁੱਲ 20.40 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਵੰਡੇ ਗਏ। ਇਹ ਸਹਾਇਤਾ ਰਕਮ ਮੁੱਖ ਮੰਤਰੀ ਰਾਹਤ ਕੋਸ਼ ਫੰਡ ਵਿੱਚੋਂ ਜ਼ਰੂਰਤਮੰਦ, ਗਰੀਬ ਅਤੇ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਗਈ।
ਚੈੱਕ ਵੰਡ ਸਮਾਰੋਹ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਸੰਵੇਦਨਸ਼ੀਲ ਤਰੀਕੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਕੋਸ਼ ਫੰਡ ਉਹਨਾਂ ਪਰਿਵਾਰਾਂ ਲਈ ਜੀਵਨ ਰੇਖਾ ਵਜੋਂ ਸਾਬਤ ਹੋ ਰਿਹਾ ਹੈ, ਜੋ ਅਚਾਨਕ ਆਈਆਂ ਮੁਸੀਬਤਾਂ ਜਾਂ ਆਰਥਿਕ ਸੰਕਟ ਦਾ ਸਾਹਮਣਾ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆ ਰਾਹੀਂ ਯੋਗ ਲਾਭਪਾਤਰੀਆਂ ਤੱਕ ਸਹਾਇਤਾ ਰਕਮ ਪਹੁੰਚਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਜ਼ਰੂਰਤਮੰਦ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਵਿੱਚ ਭਰੋਸਾ ਪੈਦਾ ਕਰਦੇ ਹਨ ਅਤੇ ਸਰਕਾਰ ਤੇ ਲੋਕਾਂ ਵਿਚਕਾਰ ਨਜ਼ਦੀਕੀ ਨੂੰ ਮਜ਼ਬੂਤ ਕਰਦੇ ਹਨ।
ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ, ਤਾਂ ਉਹ ਬਿਨਾਂ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰਕੇ ਮੁੱਖ ਮੰਤਰੀ ਰਾਹਤ ਕੋਸ਼ ਫੰਡ ਦੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਸੀ.ਐਮ.ਐਫ.ਓ. ਡਾ. ਅਰਵਿੰਦ ਕੁਮਾਰ, ਵਕਫ਼ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਰਮਨਦੀਪ ਸਿੰਘ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ ਅਤੇ ਬਲਾਕ ਪ੍ਰਧਾਨ ਨਰੇਸ਼ ਸਿੰਗਲਾ ਸਮੇਤ ਹੋਰ ਗਣਮਾਨਯ ਵਿਅਕਤੀ ਵੀ ਹਾਜ਼ਰ ਸਨ।
ਸਮਾਗਮ ਦੌਰਾਨ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਆਰਥਿਕ ਮਦਦ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਹ ਆਪਣੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਵਿੱਚ ਸਮਰੱਥ ਹੋਣਗੇ।