5 Dariya News

ਵਿਕਾਸ ਕਾਰਜਾਂ ‘ਚ ਲਿਆਂਦੀ ਜਾਵੇ ਤੇਜ਼ੀ, ਲੋਕਾਂ ਨੂੰ ਮਿਲੇ ਬਿਹਤਰ ਸਹੂਲਤ : ਡਾ. ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ ਹਰਿਆਣਾ ਤੇ ਸ਼ਾਮ ਚੁਰਾਸੀ ਨਗਰ ਕੌਂਸਲ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

5 Dariya News

ਹੁਸ਼ਿਆਰਪੁਰ 08-May-2026

ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਹਰਿਆਣਾ ਅਤੇ ਨਗਰ ਕੌਂਸਲ ਸ਼ਾਮ ਚੁਰਾਸੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਨਿਰਮਾਣ, ਗਲੀਆਂ ਦੇ ਨਿਰਮਾਣ, ਸਟਰੀਟ ਲਾਈਟਾਂ ਲਗਾਉਣ, ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਕਾਰਜਾਂ ਨੂੰ ਮਿੱਥੇ ਸਮੇਂ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਅਤੇ ਜਨਤਕ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ।

ਡਾ. ਰਵਜੋਤ ਨੇ ਕਿਹਾ ਕਿ ਹਰਿਆਣਾ ਅਤੇ ਸ਼ਾਮ ਚੁਰਾਸੀ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਦੀ ਸਫ਼ਾਈ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ ਅਤੇ ਸ਼ਹਿਰਾਂ ਦੀ ਸੁੰਦਰਤਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਵੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੀਆਂ ਯੋਜਨਾਵਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਮਿਤ ਮੁੱਧ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।