ਤਰਨ ਤਾਰਨ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀਆਂ ਤਿਆਰੀਆਂ ਮੁਕੰਮਲ : ਰਾਹੁਲ
25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ
5 Dariya News
ਤਰਨ ਤਾਰਨ 15-May-2026
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਰਾਜ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਐਸ.ਆਈ.ਆਰ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 911 ਬੂਥਾਂ 'ਤੇ 911 ਬੀ.ਐਲ.ਓਜ਼, 92 ਬੀ.ਐਲ.ਓਜ਼ ਸੁਪਰਵਾਈਜ਼ਰ, 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 8 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 775205 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ ਨੂੰ ਔਸਤ 850 ਵੋਟਰਾਂ ਦੀ ਐਸ.ਆਈ.ਆਰ ਕਰਨੀ ਹੋਵੇਗੀ।
ਐਸ.ਆਈ.ਆਰ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ 775205 ਵੋਟਰਾਂ ਵਿੱਚੋਂ 720441 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 93 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ।
ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਐਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 24 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਗਈ ਹੈ।ਇਸ ਦੇ ਨਾਲ ਹੀ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਲਈ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐਸ.ਆਈ.ਆਰ ਵਿੱਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ ਨੂੰ ਵੋਟਰਾਂ ਦੇ ਫਾਰਮ ਜਮ੍ਹਾ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ- ਸਮੇਂ 'ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਅਤੇ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਜਾਣਕਾਰੀ ਅਤੇ ਵੋਟਰ ਸੂਚੀ ਵਿੱਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ।
ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵਿੱਚ ਲਖਵਿੰਦਰ ਸਿੰਘ, ਮਨਦੀਪ ਸਿੰਘ ਗਿੱਲ, ਵਿਵੇਕ ਅਗਰਵਾਲ, ਰਾਜਬੀਰ ਭੁੱਲਰ, ਬਰਕਤ ਸਿੰਘ, ਦਿਨੇਸ਼ ਜੋਸ਼ੀ, ਅਮਨ ਅਰੋੜਾ ਤੇ ਹੋਰ ਸ਼ਾਮਿਲ ਸਨ।