ਦਲਵਿੰਦਰਜੀਤ ਸਿੰਘ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ
ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
5 Dariya News
ਅੰਮ੍ਰਿਤਸਰ 19-May-2026
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼. ਸਪੈਸ਼ਲ ਇਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਦਾ 88.27 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਜ਼ਿਲ੍ਹੇ ਵਿਚ ਕੁੱਲ 2134 ਪੋਲਿੰਗ ਸਟੇਸ਼ਨਾਂ ਵਿਚ 1971179 ਵੋਟਰ ਹਨ, ਜਿਨ੍ਹਾਂ 'ਚੋਂ 1739946 ਵੋਟਰ ਮੈਪ ਕੀਤੇ ਗਏ ਹਨ, ਜਦਕਿ 231233 ਵੋਟਰ ਅਨਮੈਪ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 2134 ਬੀ.ਐਲ.ਓਜ਼, 213 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੀ ਐੱਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਦਿੱਤੇ ਜਾ ਸਕਦੇ ਹਨ। ਵੋਟਰ ਸੂਚੀ ਦਾ ਖਰੜਾ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ। ਉਨਾਂ ਦੱਸਿਆ ਕਿ ਕੋਈ ਵੀ ਸਰਕਾਰੀ ਕਰਮਚਾਰੀ ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ। ਜ਼ਿਲ੍ਹਾ ਅੰਮਿਤਸਰ ਦਾ ਵੋਟਰ ਹੈਲਪਲਾਈਨ ਨੰਬਰ 1950 ਹੈ। ਇਸ ਨੰਬਰ ਤੇ ਚੋਣਾਂ ਜਾਂ ਐੱਸ. ਆਈ ਆਰ ਨਾਲ ਸਬੰਧਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਸ: ਰਜਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ ਤੋਂ ਸਕੱਤਰ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦਿਹਾਤੀ ਤੋਂ ਸ੍ਰੀ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ ਦਿਹਾਤੀ ਤੋਂ ਸ੍ਰੀ ਗੁਰਪ੍ਰਤਾਪ ਸਿੰਘ, ਇੰਡੀਅਨ ਨੈਸ਼ਨਲ ਸੈਕੂਲਰ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਕਰਨਲ ਐਮ.ਐਸ. ਸੰਧੂ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਪ੍ਰਧਾਨ ਸ੍ਰੀ ਗੁਰਪਾਲ ਸਿੰਘ, ਸ਼੍ਰੋਮਣੀ ਲੋਕ ਦਲ ਪਾਰਟੀ ਦੇ ਪ੍ਰਧਾਨ ਸ੍ਰੀ ਸੁਰਿੰਦਰ ਕੁਮਾਰ ਖੋਸਲਾ, ਸੱਚੋ ਸੱਚ ਪਾਰਟੀ ਦੇ ਪ੍ਰਧਾਨ ਡਾ. ਨਰਿੰਦਰ ਕੁਮਾਰ, ਅਤੇ ਆਸ ਪੰਜਾਬ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਜੁਗਲ ਕਿਸ਼ੋਰ ਵੀ ਹਾਜ਼ਰ ਸਨ।