5 Dariya News

ਸ਼ਾਨਦਾਰ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਨੇ ਸੰਭਾਲਿਆ ਅਹੁਦਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੀਡੀਆ ਇੰਚਾਰਜ ਬਲਤੇਜ ਪੰਨੂ, ਵਿਧਾਇਕ ਧੁੰਨ, ਲਾਲਪੁਰਾ, ਲਾਡੀ ਢੋਸ ਤੇ ਗੁਰਦੀਪ ਰੰਧਾਵਾ ਨੇ ਕੀਤੀ ਸ਼ਿਰਕਤ

5 Dariya News

ਤਰਨ ਤਾਰਨ 20-May-2026

ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਨੇ ਅੱਜ ਵਿਕਾਸ ਭਵਨ ਤਰਨ ਤਾਰਨ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਅਤੇ  'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਮੌਜੂਦਗੀ ਵਿੱਚ ਇਕ ਸ਼ਾਨਦਾਰ ਸਮਾਗਮ ਦੌਰਾਨ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ, ਮਨਜਿੰਦਰ ਸਿੰਘ ਲਾਲਪੁਰਾ, ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਇਸ ਮੌਕੇ ਵਾਈਸ ਚੇਅਰਮੈਨ ਜਤਿੰਦਰ ਕੌਰ ਨੇ ਵੀ ਅਹੁਦਾ ਸੰਭਾਲਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਜ਼ਿਲ੍ਹਾ ਪ੍ਰੀਸ਼ਦ ਨਾਲ ਜੁੜੀ ਹੋਈ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਨੌਜਵਾਨ ਚੇਅਰਮੈਨ ਜ਼ਿਲ੍ਹੇ ਦੇ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸਿੱਖਿਆ, ਸਿਹਤ,  ਬਿਜਲੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਟੇਲਾਂ ਤੱਕ ਵੀ ਨਹਿਰੀ ਪਾਣੀ ਪੁੱਜ ਗਿਆ ਹੈ।

'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਸ ਮੌਕੇ ਸੋਹਲ ਪਰਿਵਾਰ ਨੂੰ  ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਵਰਸੋਈ ਇਸ ਧਰਤੀ ਨਾਲ ਉਨ੍ਹਾਂ ਦਾ ਵੀ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣਾ ਇਕ ਸ਼ੁੱਭ ਸ਼ਗਨ ਹੈ ਅਤੇ ਇਸ ਨਾਲ ਨੌਜਵਾਨਾਂ ਨੂੰ  ਉਤਸ਼ਾਹ ਮਿਲੋਗਾ।

ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਉਨਾਂ ਕਿਹਾ ਕਿ ਨਵੀਂ ਸੋਚ ਨਾਲ ਅੱਗੇ ਵਧਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਦੀ ਨੁਹਾਰ  ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਚੇਅਰਮੈਨ ਹੋਣ ਦੇ ਨਾਤੇ ਉਹ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।

ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ, ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਬਲਵਿੰਦਰ ਸਿੰਘ ਰੰਧਾਵਾ, ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਪ੍ਰਭ ਬਰਾੜ, ਅੰਜੂ ਵਰਮਾ, ਸੇਵਕ ਪਾਲ ਸਿੰਘ ਝੰਡੇਰ, ਭੁਪਿੰਦਰ ਸਿੰਘ ਖੇੜਾ, ਸਰਬਜੀਤ ਸਿੰਘ ਭੁੱਲਰ, ਸਰਵਇੰਦਰ ਸਿੰਘ ਭਰੋਵਾਲ, ਜਰਨੈਲ ਸਿੰਘ ਯਾਦਵਿੰਦਰ ਸਿੰਘ ਯਾਦੂ, ਰਵਿੰਦਰ ਸਿੰਘ ਠਰੂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਕੌਂਸਲਰ, ਪਿੰਡਾਂ ਦੇ ਪੰਚ- ਸਰਪੰਚ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।