5 Dariya News

ਡਾ. ਰਵਜੋਤ ਸਿੰਘ ਵੱਲੋਂ ਪਿੰਡ ਕਪਾਹਟ ਵਿੱਚ ਦੋ ਨਵੀਆਂ ਗਲੀਆਂ ਦਾ ਉਦਘਾਟਨ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

5 Dariya News

ਹੁਸ਼ਿਆਰਪੁਰ 01-Jun-2026

ਪੰਜਾਬ ਸਰਕਾਰ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ  ਡਾ. ਰਵਜੋਤ ਸਿੰਘ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕਪਾਹਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਦੋ ਨਵੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਇਹ ਗਲੀਆਂ ਪਿੰਡ ਵਾਸੀਆਂ ਦੀ ਪਿਛਲੇ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਇੱਕ ਮਹੱਤਵਪੂਰਨ ਮੰਗ ਸੀ, ਜਿਸ ਨੂੰ ਅੱਜ ਪੂਰਾ ਕਰਕੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਕਪਾਹਟ ਵਿੱਚ ਤਿਆਰ ਕੀਤੀਆਂ ਗਈਆਂ ਦੋਵਾਂ ਗਲੀਆਂ ਵਿੱਚੋਂ ਇੱਕ ਦੀ ਲੰਬਾਈ 1450 ਫੁੱਟ ਅਤੇ ਦੂਜੀ ਦੀ ਲੰਬਾਈ 1400 ਫੁੱਟ ਹੈ, ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦਰੁਸਤ ਹੋਵੇਗੀ, ਸਗੋਂ ਪਿੰਡ ਦੀ ਸਮੁੱਚੀ ਦਿੱਖ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਆਵੇਗਾ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਪਿੰਡ ਵਾਸੀ ਇਨ੍ਹਾਂ ਗਲੀਆਂ ਦੇ ਨਿਰਮਾਣ ਦੀ ਮੰਗ ਕਰ ਰਹੇ ਸਨ ਅਤੇ ਹੁਣ ਇਹ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ, ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਆਵਾਜਾਈ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਕਿਸਾਨਾਂ ਨੂੰ ਵੀ ਇਸ ਦਾ ਸਿੱਧਾ ਲਾਭ ਮਿਲੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਸ਼ਹਿਰਾਂ ਹੀ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਨੂੰ ਵੀ ਬਰਾਬਰ ਮਹੱਤਵ ਦੇ ਰਹੀ ਹੈ, ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਉਣਾ ਹੈ। 

ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਜਨਤਾ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਸਦਕਾ ਵਿਕਾਸ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ। 

ਇਸ ਮੌਕੇ ਸਰਪੰਚ ਸੰਜੇ ਕੁਮਾਰ, ਪ੍ਰਦੀਪ ਕੁਮਾਰ, ਸ਼ਿਵ ਕੁਮਾਰ, ਅਸ਼ੋਕ, ਆਸ਼ਾ, ਸ਼ੀਲਾ ਰਾਣੀ, ਧਰਮਪਾਲ, ਲਵਲੀ ਆਦਿ ਪਿੰਡ ਵਾਸੀਆਂ ਵੱਲੋਂ ਗਲੀਆਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।