ਭਗਵੰਤ ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਤੋਂ ਪੰਜਾਬ ਨੂੰ ਮੁਕਤ ਕਰਨ ਲਈ ਵਚਨਬੱਧ : ਕੁਲਜੀਤ ਸਿੰਘ ਰੰਧਾਵਾ
ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਫੀਡਬੈਕ ਮੀਟਿੰਗ ਆਯੋਜਿਤ
5 Dariya News
ਡੇਰਾਬੱਸੀ 05-Jun-2026
ਵਿਧਾਇਕ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਵੀ ਵੀ ਡੀ ਸੀ/ਡਬਲਯੂ ਡੀ ਸੀ (ਵਿਲੇਜ ਡਿਫੈਂਸ ਕਮੇਟੀ/ਵਾਰਡ ਡਿਫੈਂਸ ਕਮੇਟੀ) ਮੈਂਬਰਾਂ ਨਾਲ ਇੱਕ ਫੀਡਬੈਕ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਪ੍ਰਾਪਤ ਕਰਨਾ ਸੀ।
ਮੀਟਿੰਗ ਦੌਰਾਨ ਪਿੰਡ-ਪਿੰਡ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ, ਹੈਲਪਲਾਈਨ ਸੇਵਾ ਦੀ ਕਾਰਗੁਜ਼ਾਰੀ, ਸ਼ਿਕਾਇਤਕਰਤਾਵਾਂ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਣ ਦੀ ਪ੍ਰਕਿਰਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨਾਂ ਅਤੇ ਜਿੰਮਾਂ ਵਰਗੇ ਉਪਰਾਲਿਆਂ ਦੇ ਸਕਾਰਾਤਮਕ ਨਤੀਜਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਅਤੇ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਅਤੇ ਪੁਨਰਵਾਸ ਦੇ ਯਤਨਾਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਅਤੇ ਤਸਕਰਾਂ ਤੋਂ ਮੁਕਤ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਵੀ ਡੀ ਸੀ ਮੈਂਬਰਾਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਇਨ੍ਹਾਂ ਸੁਝਾਵਾਂ ਨੂੰ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਮਲ ਵਿੱਚ ਲਿਆਂਦਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਡੇਰਾਬੱਸੀ ਸ੍ਰੀ ਅਮਿਤ ਗੁਪਤਾ, ਐਸ.ਪੀ. ਡੇਰਾਬੱਸੀ ਸ੍ਰੀ ਬਿਕਰਮ ਬਰਾੜ, ਐਸ.ਐਚ.ਓ. ਲਾਲੜੂ ਸ੍ਰੀ ਯੋਗੇਸ਼ ਸ਼ਰਮਾ, ਐਸ.ਐਚ.ਓ. ਹੰਡੇਸਰਾ ਸ੍ਰੀ ਸੁਮਿਤ ਕੁਮਾਰ, ਤਹਿਸੀਲਦਾਰ ਡੇਰਾਬੱਸੀ ਸ੍ਰੀ ਬੀਰਕਰਨ ਸਿੰਘ, ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸ੍ਰੀ ਸੁਮਿਤ ਰਾਣਾ, ਪੰਚਾਇਤ ਅਫ਼ਸਰ ਸ੍ਰੀ ਮਨਦੀਪ ਦਰਦੀ ਅਤੇ ਐਸ.ਐਮ.ਓ. ਡੇਰਾਬੱਸੀ ਡਾ. ਧਰਮਿੰਦਰ ਸਿੰਘ ਵੀ ਹਾਜ਼ਰ ਸਨ।