ਰਾਜੇਸ਼ ਨਾਗਰ ਨੇ ਮਵਈ ਪਿੰਡ ਵਿੱਚ ਲਗਭਗ 3.73 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਨਾਗਰਿਕ ਸਹੂਲਤਾਂ ਹੋਣਗੀਆਂ ਮਜ਼ਬੂਤ ਅਤੇ ਸਮੁਦਾਇਕ ਢਾਂਚੇ ਨੂੰ ਮਿਲੇਗਾ ਪ੍ਰੋਤਸਾਹਨ - ਰਾਜੇਸ਼ ਨਾਗਰ
5 Dariya News
ਫਰੀਦਾਬਾਦ 08-Jun-2026
ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਤਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਸੋਮਵਾਰ ਨੂੰ ਫਰੀਦਾਬਾਦ ਜ਼ਿਲ੍ਹੇ ਦੇ ਮਾਵਈ ਪਿੰਡ ਵਿੱਚ ਲਗਭਗ 3.73 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਖੇਤਰ ਵਿੱਚ ਜਨ-ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਸਮੁਦਾਇਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਹੈ।
ਇਸ ਮੌਕੇ 'ਤੇ ਸ੍ਰੀ ਰਾਜੇਸ਼ ਨਾਗਰ ਨੇ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਸਰਕਾਰ ਪ੍ਰਦੇਸ਼ ਦੇ ਹਰੇਕ ਖੇਤਰ ਵਿੱਚ ਸੰਤੁਲਿਤ ਅਤੇ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ ਇਮਾਰਤਾਂ ਅਤੇ ਸੜਕਾਂ ਦੇ ਨਿਰਮਾਣ ਤੱਕ ਸੀਮਤ ਨਹੀਂ ਹੈ, ਸਗੋ ਇਸ ਦਾ ਉਦੇਸ਼ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਅਤੇ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨਾ ਵੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਰਾਹੀਂ ਨਾਲ ਸਥਾਨਕ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪ੍ਰੋਜੈਕਟਾਂ ਦੇ ਪੂਰੇ ਹੋਣ ਤੋਂ ਬਾਅਦ ਖੇਤਰ ਦੇ ਨਿਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕਾਰਜ ਮਿੱਥੀ ਸਮੇਂ-ਸੀਮਾ ਦੇ ਅੰਦਰ ਉੱਚ ਗੁਣਵੱਤਾ ਦੇ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਜਲਦੀ ਮਿਲ ਸਕੇ।
ਰਾਜ ਮੰਤਰੀ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਉਹ ਅਨੁਭਵ, ਮਾਰਗਦਰਸ਼ਨ ਅਤੇ ਸੰਸਕਾਰਾਂ ਦਾ ਅਮੂਲ ਸਰੋਤ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਬਜ਼ੁਰਗਾਂ ਦੇ ਹੱਥੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣਾ ਉਨ੍ਹਾਂ ਪ੍ਰਤੀ ਸਨਮਾਨ ਅਤੇ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਪ੍ਰਤੀਕ ਹੈ।
ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸਰਕਾਰ ਜਨ-ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਅੱਗੇ ਵੀ ਜਨਤਾ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਅਧਾਰ 'ਤੇ ਲਾਗੂ ਕੀਤਾ ਜਾਵੇਗਾ, ਤਾਂ ਜੋ ਸਮਾਜ ਦੇ ਹਰੇਕ ਵਰਗ ਤੱਕ ਵਿਕਾਸ ਦਾ ਲਾਭ ਪਹੁੰਚ ਸਕੇ।