ਸਿਹਤ ਸੰਸਥਾਵਾਂ ਦੀ ਮੁਰੰਮਤ ਅਤੇ ਨਵੀਨੀਕਰਨ ਨਾਲ ਸਬੰਧਿਤ ਬਕਾਇਆ ਕੰਮ ਜਲਦੀ ਤੋਂ ਜਲਦੀ ਪੂਰੇ ਕਰੋ - ਆਰਤੀ ਸਿੰਘ ਰਾਓ
ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ
5 Dariya News
ਚੰਡੀਗੜ੍ਹ 10-Jun-2026
ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸਿਹਤ ਸੰਸਥਾਵਾਂ ਨਾਲ ਸਬੰਧਿਤ ਜਿੰਨੇ ਵੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਕੰਮ ਵਿੱਚ ਢਿੱਲ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਵੇਂ ਪ੍ਰੋਜੈਕਟ ਵੀ ਨਿਰਧਾਰਤ ਸਮੇਂ ਅੰਦਰ ਪੂਰੇ ਕਰ ਲਏ ਜਾਣ।
ਸਿਹਤ ਮੰਤਰੀ ਅੱਜ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੀ ਸੀ। ਮੀਟਿੰਗ ਵਿੱਚ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਪੂਰਵ ਕੁਮਾਰ ਸਿੰਘ, ਸਿਹਤ ਵਿਭਾਗ ਦੇ ਮਹਾਨਿਰਦੇਸ਼ਕ ਡਾ. ਮਨੀਸ਼ ਬੰਸਲ, ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਇਨ ਚੀਫ਼ ਸ੍ਰੀ ਅਨਿਲ ਦਹੀਆ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਆਰਤੀ ਸਿੰਘ ਰਾਓ ਨੇ ਸਿਹਤ ਵਿਭਾਗ ਨਾਲ ਸਬੰਧਿਤ ਸੀਐਮ ਐਲਾਨਾਂ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀਐਚਸੀ, ਸੀਐਚਸੀ, ਸਬ-ਹੈਲਥ ਸੈਂਟਰ ਅਤੇ ਸਿਵਲ ਹਸਪਤਾਲਾਂ ਦੀਆਂ ਇਮਾਰਤਾਂ ਨਾਲ ਸਬੰਧਿਤ ਜਿਹੜੀਆਂ ਵੀ ਸਰਕਾਰ ਵੱਲੋਂ ਐਲਾਨ ਕੀਤੇ ਗਏ ਹਨ, ਉਨ੍ਹਾਂ ਸਾਰਿਆਂ ’ਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।
ਨਾਲ ਹੀ ਉਨ੍ਹਾਂ ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਸਾਰੇ ਅਧਿਕਾਰੀ ਨਿਰਮਾਣ ਅਧੀਨ ਸੰਸਥਾਵਾਂ ’ਤੇ ਨਿਗਰਾਨੀ ਰੱਖਣ। ਜੇਕਰ ਕਿਸੇ ਵੀ ਪ੍ਰੋਜੈਕਟ ਵਿੱਚ ਘਟੀਆ ਪੱਧਰ ਦੀ ਗੁਣਵੱਤਾ ਪਾਈ ਗਈ ਤਾਂ ਸਬੰਧਿਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਪਰੇਸ਼ਨ ਥਿਏਟਰ, ਲੈਬ ਅਤੇ ਹੋਰ ਲੋੜੀਂਦੇ ਕਮਰੇ ਡਾਕਟਰੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯਮਾਂ ਅਨੁਸਾਰ ਬਣਾਏ ਜਾਣ। ਜੇਕਰ ਲੋੜ ਹੋਵੇ ਤਾਂ ਟੈਕਨੀਕਲ ਸੀਟਾਂ ਬਣਾ ਕੇ ਇਸ ਮਾਮਲੇ ਵਿੱਚ ਕਿਸੇ ਮਾਹਿਰ ਦੀ ਸਹਾਇਤਾ ਵੀ ਲਈ ਜਾ ਸਕਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸਿਹਤ ਸੰਸਥਾਵਾਂ ਦੀਆਂ ਇਮਾਰਤਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ, ਉਨ੍ਹਾਂ ਦੀ ਫਿਨਿਸ਼ਿੰਗ ਕਰਕੇ ਜਲਦੀ ਤੋਂ ਜਲਦੀ ਲੋਕ ਨਿਰਮਾਣ ਵਿਭਾਗ ਵੱਲੋਂ ਸਿਹਤ ਵਿਭਾਗ ਨੂੰ ਸੌਂਪਿਆ ਜਾਵੇ ਤਾਂ ਜੋ ਉੱਥੇ ਮਰੀਜ਼ਾਂ ਦੀ ਓਪੀਡੀ ਅਤੇ ਹੋਰ ਡਾਕਟਰੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਣ।