5 Dariya News

2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ

ਪਿੰਡਾਂ ਦੇ ਦੌਰਿਆਂ ਦੌਰਾਨ ਮੰਗਿਆ ਲੋਕਾਂ ਦਾ ਸਮਰਥਨ

5 Dariya News

ਮੋਹਾਲੀ 12-Jun-2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕਾ ਮੋਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਬਲ ਦਾਅਵੇਦਾਰ ਕੁਲਜੀਤ ਸਿੰਘ ਬੇਦੀ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। 

ਇਸ ਮੁਹਿੰਮ ਤਹਿਤ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਦੌਰਾਨ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਕੁਰੜੀ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ। 

ਸਮਾਗਮ ਦੌਰਾਨ ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ, ਸਵਰਨ ਸਿੰਘ ਸਾਬਕਾ ਸਰਪੰਚ ਕੁਰੜੀ, ਅਮਰੀਕ ਸਿੰਘ, ਭਗਵਾਨ ਦਾਸ ਅਤੇ ਪ੍ਰੇਮ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਰਹੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਉਨ੍ਹਾਂ ਐਲਾਨ ਕਰ ਦਿੱਤਾ ਸੀ ਕਿ ਨਾ ਤਾਂ ਉਹ ਖੁਦ ਨਗਰ ਨਿਗਮ ਦੀ ਚੋਣ ਲੜਣਗੇ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਮੈਦਾਨ ਵਿੱਚ ਉਤਰੇਗਾ। ਹੁਣ ਉਨ੍ਹਾਂ ਦਾ ਪੂਰਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਕੇਂਦਰਿਤ ਹੈ।

ਉਨ੍ਹਾਂ ਕਿਹਾ ਕਿ ਉਹ ਹਲਕਾ ਮੋਹਾਲੀ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਜਿੱਥੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਵਿਕਾਸ ਨਾਲ ਜੁੜੇ ਮਸਲਿਆਂ ਬਾਰੇ ਜਾਣਕਾਰੀ ਲੈ ਰਹੇ ਹਨ। ਇਸ ਦੇ ਨਾਲ ਹੀ ਉਹ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਵੀ ਲੋਕਾਂ ਤੱਕ ਪਹੁੰਚਾ ਰਹੇ ਹਨ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਹਲਕੇ ਵਿੱਚ ਬਦਲਾਅ ਦੀ ਉਮੀਦ ਨਾਲ ਪਾਰਟੀ ਵੱਲ ਦੇਖ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਅਤੇ ਲੋਕਾਂ ਦਾ ਅਸ਼ੀਰਵਾਦ ਮਿਲਦਾ ਹੈ ਤਾਂ ਉਹ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। 

ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ, ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ਨੂੰ ਖਾਸ ਤਵੱਜੋ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਮੌਜੂਦ ਆਗੂਆਂ ਅਤੇ ਪਿੰਡ ਵਾਸੀਆਂ ਨੇ ਵੀ ਕੁਲਜੀਤ ਸਿੰਘ ਬੇਦੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। 

ਲੋਕਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਵਿਕਾਸ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।