5 Dariya News

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

5 Dariya News

ਜ਼ੀਰਕਪੁਰ 14-Jun-2026

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 11 ਤੋਂ 57ਵੀਂ ਅਤੇ ਵਾਰਡ ਨੰਬਰ 12 ਤੋਂ 58ਵੀਂ ਬੱਸ ਨੂੰ ਸ਼ਰਧਾਲੂਆਂ ਲਈ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਨੂੰ, ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਵੱਲੋਂ ਬਹੁਤ ਸਰਾਹੀ ਜਾ ਰਹੀ ਹੈ ਅਤੇ ਹਜ਼ਾਰਾਂ ਸ਼ਰਧਾਲੂ ਇਸ ਦਾ ਲਾਭ ਲੈ ਚੁੱਕੇ ਹਨ। 

ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵੀ ਦੇਖਣਗੇ। ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਯਾਤਰਾ ਦੌਰਾਨ ਆਵਾਜਾਈ, ਰਿਹਾਇਸ਼, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ, ਜਿਸ ਕਾਰਨ ਆਮ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। 

ਬੱਸਾਂ ਨੂੰ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯਾਤਰਾ ’ਤੇ ਜਾਣ ਵਾਲੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸੰਤੁਸ਼ਟੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਦੇ ਜੀਵਨ ਦੀ ਇੱਕ ਚਿਰੋਕਣੀ ਇੱਛਾ ਨੂੰ ਪੂਰਾ ਕਰਨ ਵਾਲਾ ਸਾਬਤ ਹੋ ਰਿਹਾ ਹੈ। 

ਵਿਧਾਇਕ ਸ. ਰੰਧਾਵਾ ਨੇ ਸ਼ਰਧਾਲੂਆਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਜੁੜੀਆਂ ਅਜਿਹੀਆਂ ਯੋਜਨਾਵਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ, ਕੌਂਸਲਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।