5 Dariya News

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) 17-Jun-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। 

ਸਾਨੂੰ ਗੁਰੂ ਜੀ ਦੀ ਬਾਣੀ ਅਤੇ ਸ਼ਹਾਦਤ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਔਖੀ ਘੜੀ ਵਿੱਚ ਅਸੀਂ ਆਪਣੇ ਮਾਰਗ ਤੋਂ ਨਾ ਡੋਲੀਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੂੰ ਤੱਤੀ ਤਵੀ ਤੇ ਬਿਠਾਇਆ ਗਿਆ ਅਤੇ ਉਨ੍ਹਾਂ ਤੇ ਗਰਮ ਰੇਤ ਪਾਈ ਗਈ, ਪਰ ਗੁਰੂ ਜੀ ਸ਼ਾਂਤ ਰਹੇ। 

ਸਾਨੂੰ ਵੀ ਉਨ੍ਹਾਂ ਵਾਂਗ ਆਪਣੇ ਜੀਵਨ ਵਿੱਚ ਅਡੋਲ ਰਹਿਣਾ ਚਾਹੀਦਾ ਹੈ ਅਤੇ ਹਰੇਕ ਔਕੜ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਪੱਧਰ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਠੰਡੇ ਮਿੱਠੇ ਜਲ ਦੇ ਨਾਲ-ਨਾਲ ਸੰਗਤ ਵਿੱਚ ਗੁਰੂ ਜੀ ਦਾ ਪ੍ਰਸਾਦ ਵੀ ਵਰਤਾਇਆ ਗਿਆ। 

ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨ-ਮਨ-ਧਨ ਨਾਲ ਸੇਵਾ ਨਿਭਾਈ ਗਈ।