ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ
ਬੀ.ਡੀ.ਪੀ.ਓ. ਦਫ਼ਤਰ ਵਿਖੇ ਚੇਅਰਮੈਨ, ਉਪ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ
5 Dariya News
ਹੁਸ਼ਿਆਰਪੁਰ 17-Jun-2026
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਅੱਜ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦੀ ਅਗਵਾਈ ਕਰਦਿਆਂ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ।
ਮੀਟਿੰਗ ਦੌਰਾਨ ਬਲਾਕ-1 ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਸਮੂਹ ਸੰਮਤੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਬਲਾਕ-1 ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ 1.50 ਕਰੋੜ ਰੁਪਏ ਦੀ ਰਾਸ਼ੀ ਪੰਚਾਇਤਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ, ਸਾਫ਼ ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਰਤੇ ਜਾਣਗੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਪੂਰੀ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਵੀ ਹਰ ਪੱਖੋਂ ਮਜ਼ਬੂਤ ਅਤੇ ਵਿਕਸਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਕਾਸ ਦੇ ਅਨੇਕਾਂ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਨੁਮਾਇੰਦਿਆਂ ਅਤੇ ਸੰਮਤੀ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਦਾ ਮਕਸਦ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਡੂੰਘਾਈ ਵਿੱਚ ਜਾਣਕੇ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣਾ ਹੈ। ਮੀਟਿੰਗ ਦੌਰਾਨ ਹਾਜ਼ਰ ਚੇਅਰਮੈਨ, ਉਪ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਰਿਕਾਰਡ ਪੱਧਰ 'ਤੇ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਸਰਕਾਰ ਦੀਆਂ ਨੀਤੀਆਂ ਕਾਰਨ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਹੋ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਪਿੰਡਾਂ ਦੇ ਵਿਕਾਸ ਲਈ ਇਸੇ ਤਰ੍ਹਾਂ ਯਤਨਸ਼ੀਲ ਰਹੇਗੀ ਅਤੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।