5 Dariya News

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ

ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਵਤਨ ਭੇਜਿਆ; ਪਰਿਵਾਰਾਂ ਨਾਲ ਮੁੜ ਜੁੜਨ ਦੀ ਉਮੀਦ ਹੋਈ ਸਾਕਾਰ

5 Dariya News

ਚੰਡੀਗੜ੍ਹ 19-Jun-2026

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਵਿੱਚ ਰਹਿ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਹਾਈ ਕਮਿਸ਼ਨ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਲੋੜੀਂਦੀ ਪੁਸ਼ਟੀ ਕਰਨ ਉਪਰੰਤ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਗਈਆਂ। ਇਸ ਉਪਰੰਤ 5 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੰਗਲਾਦੇਸ਼ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਜ਼ਿੰਦਗੀ ਦੇ ਸਭ ਤੋਂ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੁੰਦਾ ਹੈ। ਪੰਜਾਬ ਸਰਕਾਰ ਅਜਿਹੇ ਹਰ ਬੱਚੇ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੀ ਜਿੱਤ ਹੁੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖੇਗੀ।