5 Dariya News

ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਨੀਟ ਪ੍ਰੀਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ, ਡਿਊਟੀ ਮੈਜਿਸਟ੍ਰੇਟ ਤਾਇਨਾਤ

5 Dariya News

ਪਟਿਆਲਾ 19-Jun-2026

ਪਟਿਆਲਾ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 7 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ 3408 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਸੈਂਟਰ ਲਈ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0175-2350550 ਅਤੇ 2358550 ਹੈ ਅਤੇ ਤਿੰਨ ਦਿਨਾਂ ਲਈ ਪੀਸੀਐਸ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਲਗਾ ਕੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਕੇਂਦਰ 1) ਪੀਐਮਸ਼੍ਰੀ ਕੇ.ਵੀ ਨੰਬਰ 3 ਪਟਿਆਲਾ ਕੈਂਟ, 2) ਆਰਮੀ ਪਬਲਿਕ ਸਕੂਲ, ਤਾਰਾਪੁਰ ਇਨਕਲੇਵ, ਸੰਗਰੂਰ ਰੋਡ, 3) ਪੀਐਮਸ਼੍ਰੀ ਕੇ.ਵੀ ਨੰਬਰ 1 ਪਟਿਆਲਾ ਕੈਂਟ, 4) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, 5) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ, 6) ਸਰਕਾਰੀ ਸਕੂਲ ਆਫ ਐਮੀਨੈਂਸ ਫੀਲਖਾਨਾ ਅਤੇ 7) ਕੇ.ਵੀ ਨੰਬਰ 2 ਰੇਲਵੇ ਕਲੋਨੀ, ਡੀਸੀਡਬਲਿਯੂ ਪਟਿਆਲਾ ਵਿਖੇ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਮਹੱਤਵਪੂਰਨ ਫੈਸਲਾ ਕਰਦਿਆਂ 20-21-22 ਜੂਨ ਨੂੰ ਪ੍ਰੀਖਿਆਰਥੀਆਂ ਤੇ ਨਾਲ ਇੱਕ ਅਟੈਂਡੈਂਟ ਨੂੰ ਪੇਪਰ ਦੇਣ ਪ੍ਰੀਖਿਆ ਵਾਲੇ ਸਥਾਨ ‘ਤੇ ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰਾਈਵਰਾਂ ਤੇ ਕੰਡਕਟਰਾਂ ਨੂੰ ਇਨ੍ਹਾਂ ਨਾਲ ਨਰਮੀ ਨਾਲ ਵਰਤਾਉ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ 'ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਸਮੇਤ ਐਸ.ਐਮ ਪਟਿਆਲਾ, ਸਹਾਇਕ ਕਮਿਸ਼ਨਰ (ਜ), ਪੁਲਿਸ, ਸਿੱਖਿਆ, ਪ੍ਰਿੰਸੀਪਲ ਕੇ.ਵੀ, ਟਰਾਂਸਪੋਰਟ, ਪੀਆਰਟੀਸੀ, ਸਿਹਤ, ਐਨ.ਆਈ.ਸੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।