5 Dariya News

ਲੋਕ ਮਿਲਣੀ ਪਹਿਲਕਦਮੀ ਸਦਕਾ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਹੋ ਰਿਹੈ ਯਕੀਨੀ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

5 Dariya News

ਜਲੰਧਰ 19-Jun-2026

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਾਮ ਵਾਰਡ ਨੰਬਰ 56 ਦੀ ਮਿੱਠੂ ਬਸਤੀ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਲੋਕ ਮਿਲਣੀ ਪਹਿਲਕਦਮੀ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਦੇ ਮਸਲਿਆਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਵਿੱਚ ਇੱਕ ਪ੍ਰਭਾਵਸ਼ਾਲੀ ਪਲੇਟਫਾਰਮ ਵਜੋਂ ਉਭਰੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੱਲ ਪ੍ਰਦਾਨ ਕਰਨ ਅਤੇ ਸਰਕਾਰ ਤੇ ਲੋਕਾਂ ਵਿਚਕਾਰ ਸੰਪਰਕ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਈ ਨਿਵੇਕਲੀਆਂ ਅਤੇ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਭਲਾਈ ਸਕੀਮਾਂ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਕੇ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੀਆਂ।

ਕੈਬਨਿਟ ਮੰਤਰੀ ਨੇ ਵਸਨੀਕਾਂ ਨੂੰ ਇਨ੍ਹਾਂ ਪ੍ਰਮੁੱਖ ਯੋਜਨਾਵਾਂ ਅਤੇ ਰਾਜ ਸਰਕਾਰ ਵੱਲੋਂ ਮਜ਼ਬੂਤ ਕੀਤੇ ਗਏ ਸਮਾਜਿਕ ਸੁਰੱਖਿਆ ਢਾਂਚੇ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਰਵਪੱਖੀ ਵਿਕਾਸ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਭਲਾਈ ਪ੍ਰੋਗਰਾਮਾਂ ਦੇ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚੇ। ਲੋਕ ਮਿਲਣੀ ਦੌਰਾਨ ਵਸਨੀਕਾਂ ਵੱਲੋਂ ਉਠਾਏ ਗਏ ਕਈ ਸਥਾਨਕ ਮੁੱਦਿਆਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।