5 Dariya News

ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵਾਰਡਾਂ ਵਿੱਚ ਲੋਕ ਮਿਲਣੀਆਂ

ਜੁਲਾਈ ਤੋਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ: ਈ.ਟੀ.ਓ.

5 Dariya News

ਅੰਮ੍ਰਿਤਸਰ 20-Jun-2026

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਅਖੀਰਲੀ ਗਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵੀ ਲੋੜ ਪੈਣ 'ਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਸ. ਈ.ਟੀ.ਓ. ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਜ਼ਾਰਾਂ ਕਰੋੜ ਰੁਪਏ ਦੀ ਬੱਚਤ ਹੋਈ ਹੈ। 

ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਐਮ.ਸੀ. ਅਮਨ ਵਿਰਕ, ਰੋਬਿਨ,  ਸਤਿੰਦਰ ਸਿੰਘ, ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।