“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੁਲਤਾਰ ਸਿੰਘ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ- ਸਪੀਕਰ ਸੰਧਵਾਂ
5 Dariya News
ਫ਼ਰੀਦਕੋਟ 23-Jun-2026
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨ ਅਸ਼ੋਕ ਚੱਕਰ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਜਿਸ ਵਿੱਚ ਬਲਾਕ ਕੋਆਰਡੀਨੇਟਰਾਂ, ਪੇਂਡੂ ਰੱਖਿਆ ਕਮੇਟੀਆਂ ਆਦਿ ਨੇ ਭਾਗ ਲਿਆ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਨੂੰ ਸਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ਵਿੱਚ ਪੁੱਜ ਗਈ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿੱਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜੇਕਰ ਹਰ ਜਾਗਰੂਕ ਨਾਗਰਿਕ ਆਪਣਾ ਫਰਜ਼ ਸਮਝ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਤੇ ਟੀਮ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ ਤੇ ਇਸ ਮੁਹਿੰਮ ਨੂੰ ਹੋਰ ਸਫਲਤਾ ਵੱਲੋ ਲਿਜਾਣ ਦੀਆਂ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਦਿੱਤੀਆਂ ਜਾਣਗੀਆਂ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਹੂਲਤਾਂ ਮਿਲ ਸਕਣ।
ਉਹ ਖੇਡਾਂ ਵਿੱਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਜਾਰੀ ਰਹੇਗਾ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ।
ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਹੋਰ ਸਖਤੀ ਕਰਨ ਦਾ ਸੁਝਾਅ ਦਿੱਤਾ। ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਕ੍ਰਾਂਤੀਕਾਰੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਹੋਈ ਹੈ ਉਹ ਆਪ ਵੀ ਇਸ ਅਲਾਮਤ ਤੋਂ ਦੂਰ ਹੋਏ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ।
ਸ. ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫਰੀਦਕੋਟ ਤੇ ਇੰਚਾਰਜ ਮਾਲਵਾ ਸੈਂਟਰਲ ਨਸ਼ਾ ਮੁਕਤੀ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਮੋਰਚਾ ਤਹਿਤ ਲਗਾਤਾਰ ਫੰਡ ਉਪਲਬੱਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਹੈ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਲਾਂਘਾਯੋਗ ਕਦਮ ਪੁੱਟੇ ਗਏ ਹਨ ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰਨ ਤੌਰ ਤੇ ਰੋਕਣ ਲਈ ਸਭ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਸਭ ਨੂੰ ਜੀ ਆਇਆ ਕਿਹਾ ਤੇ ਜ਼ਿਲ੍ਹੇ ਵਿੱਚ ਮੁਹਿੰਮ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ,ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ, ਐਸ.ਡੀ.ਐਮ ਜੈਤੋ ਸ੍ਰੀ ਵਿਕਰਮਜੀਤ, ਐਸ.ਪੀ. (ਐਚ) ਸ੍ਰੀ ਮਨਵਿੰਦਰਬੀਰ ਸਿੰਘ, ਡਾ. ਵਿਸ਼ਵਦੀਪ ਗੋਇਲ, ਉੱਤਮ ਸਿੰਘ ਡੋਡ ਹਲਕਾ ਕੋਆਰਡੀਨੇਟਰ ਫ਼ਰੀਦਕੋਟ, ਰਵਦੀਪ ਸਿੰਘ ਬਰਾੜ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ ਕੋਟਕਪੂਰਾ, ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋ), ਸਰਬਜੀਤ ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।