ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਮੋਘਾ ਬੁਰਜੀ ਮਚਾਕੀ ਮਾਈਨਰ ਦਾ ਕੀਤਾ ਉਦਘਾਟਨ
ਕਿਸਾਨਾਂ ਨੂੰ ਸਿੰਚਾਈ ਲਈ ਮਿਲਣਗੀਆਂ ਬਿਹਤਰ ਸਹੂਲਤਾਂ : ਸੰਧਵਾਂ
5 Dariya News
ਕੋਟਕਪੂਰਾ 24-Jun-2026
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਜਲਾਲੇਆਣਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਮੋਘਾ ਬੁਰਜੀ ਮਚਾਕੀ ਮਾਈਨਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ, ਪਿੰਡ ਪੰਚਾਇਤ ਦੇ ਨੁਮਾਇੰਦੇ ਅਤੇ ਇਲਾਕੇ ਦੇ ਕਿਸਾਨ ਵੀ ਹਾਜ਼ਰ ਸਨ।
ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਖਾਲ ਦੇ ਨਿਰਮਾਣ ਨਾਲ 719 ਏਕੜ ਤੋਂ ਵੱਧ ਰਕਬੇ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਖਾਲਾ ਖਸਤਾ ਹਾਲਤ ਵਿੱਚ ਹੋਣ ਕਾਰਨ 25-30 ਫੀਸਦੀ ਰਕਬੇ ਤੱਕ ਪਾਣੀ ਨਹੀਂ ਪਹੁੰਚਦਾ ਸੀ, ਪਰ ਹੁਣ ਕਿਸਾਨਾਂ ਨੂੰ ਭਰਪੂਰ ਨਹਿਰੀ ਪਾਣੀ ਮਿਲ ਰਿਹਾ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸੁਚੱਜੀ ਵੰਡ ਅਤੇ ਸਿੰਚਾਈ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।