25 ਜੂਨ ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਐੱਸ.ਏ.ਐੱਸ. ਨਗਰ ਜ਼ਿਲ੍ਹਾ ਪੂਰੀ ਤਰ੍ਹਾਂ ਤਿਆਰ : ਕੋਮਲ ਮਿੱਤਲ
838 ਬੀ.ਐਲ.ਓ. ਤਿੰਨੋਂ ਵਿਧਾਨ ਸਭਾ ਹਲਕਿਆਂ ਦੇ 8,54,423 ਵੋਟਰਾਂ ਤੱਕ ਪਹੁੰਚ ਕੇ ਐਨਯੂਮੇਰੇਸ਼ਨ ਫਾਰਮ ਭਰਵਾਉਣਗੇ
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24-Jun-2026
ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਦੀ ਸ਼ੁਰੂਆਤ 25 ਜੂਨ 2026 ਤੋਂ ਹੋਵੇਗੀ। ਇਸ ਸਬੰਧੀ ਮੀਡੀਆ ਨੂੰ ਪ੍ਰੋਗਰਾਮ, ਜ਼ਮੀਨੀ ਗਤੀਵਿਧੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਜਾਣੂ ਕਰਵਾਉਂਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਐੱਸ.ਏ.ਐੱਸ. ਨਗਰ, ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਸਮਾਂ-ਬੱਧ ਢੰਗ ਨਾਲ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵੱਧ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨਗੇ। ਇਸ ਦੌਰਾਨ ਬੀ.ਐਲ.ਓਜ਼ ਵੱਲੋਂ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਰੇਕ ਵੋਟਰ ਨੂੰ ਐਨਯੂਮੇਰੇਸ਼ਨ ਫਾਰਮ ਮੁਹੱਈਆ ਕਰਵਾਇਆ ਜਾਵੇਗਾ।
ਫਾਰਮ ਵਿੱਚ ਵੋਟਰ ਨਾਲ ਸਬੰਧਤ ਕੁਝ ਵੇਰਵੇ ਪਹਿਲਾਂ ਹੀ ਦਰਜ ਹੋਣਗੇ ਅਤੇ ਲੋੜ ਪੈਣ ‘ਤੇ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਫਾਰਮ ਭਰਨ ਵਿੱਚ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਵੋਟਰ ਲਈ ਐਨਯੂਮੇਰੇਸ਼ਨ ਫਾਰਮ ਦੇ ਨਾਲ ਆਪਣੀ ਤਾਜ਼ਾ ਫੋਟੋ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਹਾਲਾਂਕਿ ਇਸ ਪੜਾਅ ‘ਤੇ ਵੋਟਰਾਂ ਤੋਂ ਹੋਰ ਕੋਈ ਸਹਾਇਕ ਦਸਤਾਵੇਜ਼ ਇਕੱਠੇ ਨਹੀਂ ਕੀਤੇ ਜਾਣਗੇ।
ਸ੍ਰੀਮਤੀ ਕੋਮਲ ਮਿੱਤਲ ਨੇ ਅੱਗੇ ਦੱਸਿਆ ਕਿ ਜੇਕਰ ਘਰਾਂ ਦੇ ਦੌਰੇ ਦੌਰਾਨ ਕੋਈ ਵੋਟਰ ਘਰ ਮੌਜੂਦ ਨਾ ਮਿਲੇ ਤਾਂ ਸਬੰਧਤ ਬੀ.ਐਲ.ਓ. ਉਸ ਘਰ ‘ਤੇ ਇੰਫਾਰਮੇਸ਼ਨ ਸਲਿੱਪ ਦੇ ਨਾਲ ਐਨਯੂਮੇਰੇਸ਼ਨ ਫਾਰਮ ਛੱਡੇਗਾ ਅਤੇ ਪਛਾਣ ਅਤੇ ਅਗਲੀ ਕਾਰਵਾਈ ਲਈ ਘਰ ਦੇ ਬਾਹਰ ਸਟਿੱਕਰ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵੋਟਰ ਨੂੰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿਣ ਦੇਣ ਲਈ ਹਰ ਬੀ.ਐਲ.ਓ. ਵੱਲੋਂ ਘੱਟੋ-ਘੱਟ ਹਰ ਘਰ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ।
ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਖਰੜ, ਐੱਸ.ਏ.ਐੱਸ. ਨਗਰ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 838 ਪੋਲਿੰਗ ਸਟੇਸ਼ਨ ਹਨ ਅਤੇ ਇਸ ਪੂਰੀ ਪ੍ਰਕਿਰਿਆ ਲਈ ਚੋਣ ਅਮਲਾ ਪੂਰੀ ਤਰ੍ਹਾਂ ਸਿੱਖਿਅਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 838 ਬੀ.ਐਲ.ਓਜ਼ ਨੂੰ ਜ਼ਿਲ੍ਹੇ ਦੇ ਲਗਭਗ 8,54,423 ਵੋਟਰਾਂ ਤੱਕ ਪਹੁੰਚਣ ਲਈ ਪਾਬੰਦ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ 3,160 ਬੂਥ ਲੈਵਲ ਏਜੰਟ (ਬੀ.ਐਲ.ਏ.) ਵੀ ਨਿਯੁਕਤ ਕੀਤੇ ਗਏ ਹਨ, ਜੋ ਇਸ ਰਿਵੀਜ਼ਨ ਪ੍ਰਕਿਰਿਆ ਨੂੰ ਪਾਰਦਰਸ਼ੀ, ਭਾਗੀਦਾਰਤਮਕ ਅਤੇ ਸਹੀ ਬਣਾਉਣ ਵਿੱਚ ਬੀ ਐਲ ਓਜ਼ ਦਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਗੈਰਹਾਜ਼ਰ, ਸ਼ਿਫਟ ਹੋਏ, ਮ੍ਰਿਤਕ ਅਤੇ ਡੁਪਲੀਕੇਟ ਵੋਟਰਾਂ ਦੀ ਸਾਵਧਾਨੀ ਨਾਲ ਜਾਂਚ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵੱਧ ਸ਼ੁੱਧ ਅਤੇ ਅਪਡੇਟ ਕੀਤਾ ਜਾ ਸਕੇ।
ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੀਲਡ ਅਮਲੇ ਨੂੰ ਹਦਾਇਤ ਕੀਤੀ ਗਈ ਹੈ ਕਿ ਘਰ-ਘਰ ਤਸਦੀਕ ਦੌਰਾਨ ਅਜਿਹੇ ਮਾਮਲਿਆਂ ‘ਤੇ ਖ਼ਾਸ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਾਈਡ ਸ਼ਡਿਊਲ ਅਨੁਸਾਰ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ ਸਬੰਧਤ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ, ਐੱਸ.ਏ.ਐੱਸ. ਨਗਰ ਵਿਖੇ ਜ਼ਿਲ੍ਹਾ ਹੈਲਪ ਡੈਸਕ ਅਤੇ ਸ਼ਿਕਾਇਤ ਨਿਵਾਰਣ ਸੈੱਲ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਪੱਧਰ ‘ਤੇ ਵੀ ਸ਼ਿਕਾਇਤ ਨਿਵਾਰਣ ਸੈੱਲ ਬਣਾਏ ਗਏ ਹਨ, ਤਾਂ ਜੋ ਵੋਟਰਾਂ ਦੀਆਂ ਸ਼ਿਕਾਇਤਾਂ, ਸਵਾਲਾਂ ਅਤੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਵੋਟਰ ਇਸ ਰਿਵੀਜ਼ਨ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ, ਸਪਸ਼ਟੀਕਰਨ ਜਾਂ ਸ਼ਿਕਾਇਤ ਲਈ ਟੋਲ-ਫ੍ਰੀ ਹੈਲਪਲਾਈਨ 1950 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਈਸੀਆਈ ਨੈੱਟ ECINET ਐਪ ਰਾਹੀਂ ਬੁੱਕ ਏ ਕਾਲ ਵਿਦ ਬੀ ਐਲ ਓ “Book a Call with BLO” ਸਹੂਲਤ ਦਾ ਵੀ ਲਾਭ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਦੌਰਾਨ ਬੀ.ਐਲ.ਓਜ਼ ਅਤੇ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਵੋਟਰ ਇਹ ਯਕੀਨੀ ਬਣਾਏ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣਾ ਐਨਯੂਮੇਰੇਸ਼ਨ ਫਾਰਮ ਸਬੰਧਤ ਬੀ.ਐਲ.ਓ. ਕੋਲ ਜ਼ਰੂਰ ਜਮ੍ਹਾਂ ਕਰਵਾਏ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵੱਧ ਸ਼ੁੱਧ, ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਸਫ਼ਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਸਮੇਂ-ਸਿਰ ਸਹਿਯੋਗ ‘ਤੇ ਨਿਰਭਰ ਕਰਦੀ ਹੈ। ਇਸ ਲਈ ਹਰ ਘਰ-ਵੋਟਰ ਨੂੰ ਇਸ ਮੁਹਿੰਮ ਨੂੰ ਆਪਣੀ ਮਹੱਤਵਪੂਰਨ ਨਾਗਰਿਕ ਜ਼ਿੰਮੇਵਾਰੀ ਵਜੋਂ ਲੈਣਾ ਚਾਹੀਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।