5 Dariya News

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਂਡੂ ਰੱਖਿਆ ਕਮੇਟੀਆਂ ਨਾਲ ਕੀਤੀ ਗਈ ਮੀਟਿੰਗ

ਪੇਂਡੂ ਰੱਖਿਆ ਕਮੇਟੀਆਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਲਈ ਦਿੱਤੀਆਂ ਹਦਾਇਤਾਂ

5 Dariya News

ਸ੍ਰੀ ਮੁਕਤਸਰ ਸਾਹਿਬ 25-Jun-2026

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਨੇ ਸਥਾਨ ਮੀਟਿੰਗ ਹਾਲ, ਦਫਤਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਜਿਸ ਵਿੱਚ ਬਲਾਕ ਕੋਆਰਡੀਨੇਟਰਾਂ, ਪੇਂਡੂ ਰੱਖਿਆ ਕਮੇਟੀਆਂ ਆਦਿ ਦੇ ਨੁਮਾਇੰਦਿਆਂ  ਆਦਿ ਨੇ ਭਾਗ ਲਿਆ। 

ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ੍ਰੀ  ਅਮਿਤ ਕੁਮਾਰ ਪੰਚਾਲ, ਸੀਨੀਅਰ ਪੁਲਿਸ ਕਪਤਾਨ  ਸ੍ਰੀ ਅਭਿਮਨਿਊ ਰਾਣਾ ਅਤੇ ਜੋਨ ਕੋਆਰਡੀਨੇਟਰ ਸ੍ਰੀ ਚੁਸ਼ਪਿੰਦਰਵੀਰ ਸਿੰਘ ਚਹਿਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬਹੁਤ ਸੋਚ-ਵਿਚਾਰ ਕਰਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਡੀ-ਐਡੀਕਸ਼ਨ ਸੈਂਟਰ ਸਥਾਪਿਤ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਟੀਮਾਂ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀਆਂ ਹਨ। ਕੈਬਨਿਟ ਮੰਤਰੀ ਨੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। 

ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੇਂਡੂ ਰੱਖਿਆ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। 

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਪੁਲਿਸ ਕਪਤਾਨ ਸ੍ਰੀ ਅਭਿਮਨਿਊ ਰਾਣਾ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੋਨ ਕੋਆਰਡੀਨੇਟਰ ਸ੍ਰੀ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਪੇਂਡੂ ਰੱਖਿਆ ਕਮੇਟੀਆਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਨਸ਼ਿਆਂ ’ਤੇ ਪ੍ਰਭਾਵਸ਼ਾਲੀ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਰੱਖਿਆ ਕਮੇਟੀਆਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ ਅਤੇ ਰਹਿੰਦੇ ਪਿੰਡਾਂ ਵਿਚ ਵੀ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐਸਪੀ (ਐਚ) ਹਰਕਮਲ ਕੌਰ, ਐਸਪੀ (ਡੀ) ਮਨਮੀਤ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਸਿਵਲ ਸਰਜਨ ਡਾ. ਸੁਨੀਲ ਬਾਂਸਲ,  ਜ਼ਿਲ੍ਹਾ ਕੋਆਡੀਨੇਟਰ ਸ੍ਰੀ ਮੁਕਤਸਰ ਸਾਹਿਬ ਮਨਵੀਰ ਸਿੰਘ ਖੁੱਡੀਆਂ , ਜ਼ਿਲ੍ਹਾ ਵਾਈਸ ਕੋਆਡੀਨੇਟਰ ਯਾਦਵਿੰਦਰ ਸਿੰਘ ਹਰੀ ਕੇ ਕਲਾਂ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ ਵਿਰਦੀ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋ ਦਾਸ ਸਿੰਘ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿਡਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।