ਵਿਧਾਨ ਸਭਾ ਚੋਣਾਂ 2027 ਲਈ ਕੁਲਜੀਤ ਸਿੰਘ ਬੇਦੀ ਨੇ ਤੇਜ਼ ਕੀਤੀਆਂ ਸਰਗਰਮੀਆਂ
ਸ਼ਹਿਰ ਅਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ
5 Dariya News
ਮੋਹਾਲੀ 25-Jun-2026
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦੇ ਹੋਏ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡਾਂ ਵਿੱਚ ਮੀਟਿੰਗਾਂ ਦੇ ਦੌਰ ਤੋਂ ਬਾਅਦ ਹੁਣ ਉਹ ਸ਼ਹਿਰੀ ਖੇਤਰਾਂ ਵਿੱਚ ਵੀ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਸਰਗਰਮ ਹੋ ਗਏ ਹਨ।
ਇਸ ਲੜੀ ਤਹਿਤ ਕੁਲਜੀਤ ਸਿੰਘ ਬੇਦੀ ਵੱਲੋਂ ਮੋਹਾਲੀ ਦੇ ਪਤਵੰਤੇ ਸੱਜਣਾਂ, ਸਮਾਜ ਸੇਵੀਆਂ, ਵਪਾਰੀਆਂ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਬੇਦੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਉਹ ਪਿੰਡਾਂ ਵਿੱਚ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉੱਥੇ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਿਆ ਹੈ। ਹੁਣ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮੋਹਾਲੀ ਦੇ ਵਿਕਾਸ ਲਈ ਇੱਕ ਸਾਂਝਾ ਰੋਡਮੈਪ ਤਿਆਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕ ਇਸ ਸਮੇਂ ਕਈ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਬਿਜਲੀ ਸਪਲਾਈ ਦੀ ਅਸਥਿਰਤਾ, ਟ੍ਰੈਫਿਕ ਪ੍ਰਬੰਧਨ, ਸਫਾਈ ਵਿਵਸਥਾ, ਸੀਵਰੇਜ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਜੁੜੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਾਜ਼ਰ ਸੱਜਣਾਂ ਵੱਲੋਂ ਇਨ੍ਹਾਂ ਮੁੱਦਿਆਂ ਸਬੰਧੀ ਕੀਮਤੀ ਸੁਝਾਅ ਦਿੱਤੇ ਗਏ, ਜਿਨ੍ਹਾਂ ਨੂੰ ਭਵਿੱਖ ਦੀ ਯੋਜਨਾਬੰਦੀ ਵਿੱਚ ਸ਼ਾਮਲ ਕੀਤਾ ਜਾਵੇਗਾ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਠੋਸ ਯਤਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੇ ਸੁਝਾਵਾਂ ਦੇ ਆਧਾਰ 'ਤੇ ਵਿਕਾਸ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ 2027 ਸਬੰਧੀ ਵੀ ਚਰਚਾ ਹੋਈ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਕਿਹਾ, “2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਇੱਕ ਪਾਰਟੀ ਨੂੰ 92 ਸੀਟਾਂ ਦੇ ਕੇ ਸੱਤਾ ਸੌਂਪੀ ਸੀ, ਪਰ ਅੱਜ ਵੱਡੀ ਗਿਣਤੀ ਵਿੱਚ ਲੋਕ ਆਪਣੇ ਆਪ ਨੂੰ ਨਿਰਾਸ਼ ਮਹਿਸੂਸ ਕਰ ਰਹੇ ਹਨ। ਲੋਕਾਂ ਨੂੰ ਉਮੀਦਾਂ ਮੁਤਾਬਕ ਨਤੀਜੇ ਨਹੀਂ ਮਿਲੇ। ਇਸ ਕਾਰਨ ਹੁਣ ਪੰਜਾਬ ਦੇ ਲੋਕਾਂ ਦੀ ਨਿਗਾਹ ਦੁਬਾਰਾ ਕਾਂਗਰਸ ਪਾਰਟੀ ਵੱਲ ਹੈ।
ਮੈਨੂੰ ਪੂਰਾ ਵਿਸ਼ਵਾਸ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਮਜ਼ਬੂਤੀ ਨਾਲ ਉਭਰੇਗੀ ਅਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।” ਬੇਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਤਜਰਬਾ, ਵਿਜ਼ਨ ਅਤੇ ਵਿਕਾਸ ਦੀ ਸੋਚ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸੂਬੇ ਦੇ ਸਰਵਪੱਖੀ ਵਿਕਾਸ, ਰੁਜ਼ਗਾਰ ਦੇ ਮੌਕੇ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਬਿਹਤਰ ਪ੍ਰਸ਼ਾਸਨ ਲਈ ਇੱਕ ਮਜ਼ਬੂਤ ਅਤੇ ਤਜਰਬੇਕਾਰ ਸਰਕਾਰ ਦੀ ਲੋੜ ਹੈ।
ਮੀਟਿੰਗ ਦੌਰਾਨ ਹਾਜ਼ਰ ਪਤਵੰਤਿਆਂ ਨੇ ਵੀ ਕੁਲਜੀਤ ਸਿੰਘ ਬੇਦੀ ਨੂੰ ਆਪਣਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਮੋਹਾਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਜਤਾਈ। ਬੇਦੀ ਨੇ ਸਾਰੇ ਹਾਜ਼ਰ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਮਿਸ਼ਨ 2027” ਨੂੰ ਕਾਮਯਾਬ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ ਅਤੇ ਉਹ ਲੋਕਾਂ ਦੇ ਸਹਿਯੋਗ ਨਾਲ ਮੋਹਾਲੀ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਇਸ ਮੌਕੇ ਅਮਰੀਕ ਸਿੰਘ ਮੋਹਾਲੀ, ਆਰ.ਪੀ. ਸਿੰਘ ਵਿਗ, ਅਮਨ ਗੁਲਾਟੀ, ਹਰਿੰਦਰਪਾਲ ਸਿੰਘ ਹੈਰੀ, ਗੁਰਚਰਨ ਸਿੰਘ, ਕ੍ਰਿਸ਼ਨ ਕੁਮਾਰ ਅਗਰਵਾਲ, ਜਸਵਿੰਦਰ ਸਿੰਘ, ਗੁਰਮੀਤ ਸਿੰਘ ਸਿਆਣ, ਰਾਜਿੰਦਰ ਚੌਹਾਨ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।