ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਲਾਧੂਕਾ ਵਿਖੇ 14 ਲੱਖ ਦੀ ਲਾਗਤ ਨਾਲ ਬਣਾਏ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ
ਕਿਹਾ, ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ
5 Dariya News
ਫਾਜ਼ਿਲਕਾ 25-Jun-2026
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਲਾਧੂਕਾ ਵਿਖੇ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡ ਵਾਸੀਆਂ ਦੀ ਸਹੂਲਤ ਲਈ ਪਿੰਡ ਵਿੱਚ ਕੋਈ ਸਾਂਝੀ ਥਾਂ ਤੇ ਕਮਿਊਨਿਟੀ ਹਾਲ ਬਣਾਇਆ ਜਾਵੇ ਜਿਸ ਨੂੰ ਦੇਖਦਿਆਂ 14 ਲੱਖ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾ ਕੇ ਪਿੰਡ ਵਾਸੀਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ ਜਿੱਥੇ ਉਹ ਆਪਣੇ ਖੁਸ਼ੀ ਤੇ ਗਮੀ ਦੇ ਪ੍ਰੋਗਰਾਮ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਮੰਗ ਪੂਰੀ ਹੋਣ ਨਾਲ ਪਿੰਡ ਵਾਸੀਆਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਹੈ ਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਵਿਕਾਸ ਕਾਰਜ ਜਾਰੀ ਰਹਿਣਗੇ।
ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡ ਦੇ ਵਿਕਾਸ ਲਈ ਜੇਕਰ ਹੋਰ ਵੀ ਫੰਡਾਂ ਦੀ ਲੋੜ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਹਰ ਮੰਗ ਨੂੰ ਪੂਰਾ ਕੀਤਾ ਜਾਵੇਗਾ।