ਕੋਮਲ ਮਿੱਤਲ ਨੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਤਹਿਤ ਭਰਿਆ ਐਨੁਮਰੇਸ਼ਨ ਫਾਰਮ
ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ 25 ਜੂਨ ਤੋਂ 24 ਜੁਲਾਈ ਤੱਕ ਐਨੁਮਰੇਸ਼ਨ ਫਾਰਮ ਲਾਜ਼ਮੀ ਭਰਨ ਦੀ ਕੀਤੀ ਅਪੀਲ
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26-Jun-2026
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ। ਐਨੁਮਰੇਸ਼ਨ ਫਾਰਮ ਭਰਨ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਕਿਉਂਕਿ ਉਹ ਸਾਲ 2003 ਵਿੱਚ ਵੋਟਰ ਨਹੀਂ ਸਨ, ਇਸ ਲਈ ਉਨ੍ਹਾਂ ਨੇ ਆਪਣੇ ਵੇਰਵਿਆਂ ਦੀ ਤਸਦੀਕ ਲਈ ਆਪਣੇ ਪਿਤਾ ਦੇ ਵੇਰਵਿਆਂ ਨਾਲ ਆਪਣੀ ਜਾਣਕਾਰੀ ਨੂੰ ਮੈਪ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਐਨੁਮਰੇਸ਼ਨ ਫਾਰਮ ਦੋ ਕਾਪੀਆਂ ਵਿੱਚ ਭਰਿਆ ਜਾਂਦਾ ਹੈ। ਇਸ ਵਿੱਚ ਕੁਝ ਵੇਰਵੇ ਪਹਿਲਾਂ ਹੀ ਦਰਜ ਹੁੰਦੇ ਹਨ, ਜਿਨ੍ਹਾਂ ਦੀ ਵੋਟਰ ਵੱਲੋਂ ਪੁਸ਼ਟੀ ਕੀਤੀ ਜਾਂਦੀ ਹੈ ਅਤੇ ਦੋਵੇਂ ਕਾਪੀਆਂ 'ਤੇ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਉਪਰੰਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਇੱਕ ਕਾਪੀ 'ਤੇ ਦਸਤਖ਼ਤ ਕਰਕੇ ਪ੍ਰਾਪਤੀ ਰਸੀਦ ਵਜੋਂ ਵੋਟਰ ਨੂੰ ਵਾਪਸ ਦੇਵੇਗਾ, ਜਦਕਿ ਦੂਜੀ ਕਾਪੀ ਨੂੰ ਈ.ਸੀ.ਆਈ.ਨੈੱਟ ਪੋਰਟਲ 'ਤੇ ਅਪਲੋਡ ਕਰਕੇ ਡਿਜੀਟਾਈਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਲਗਪਗ ਪੰਜ ਮਿੰਟ ਵਿੱਚ ਪੂਰੀ ਹੋ ਜਾਂਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਹਰੇਕ ਵੋਟਰ ਲਈ ਐਨੁਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਹੀਂ ਹੈ ਤਾਂ ਉਸ ਦੀ ਥਾਂ ਪਰਿਵਾਰ ਦਾ ਕੋਈ ਵੀ ਬਾਲਗ ਮੈਂਬਰ, ਉਸ ਨਾਲ ਆਪਣੇ ਰਿਸ਼ਤੇ ਦਾ ਜ਼ਿਕਰ ਕਰਦੇ ਹੋਏ, ਫਾਰਮ 'ਤੇ ਦਸਤਖ਼ਤ ਕਰ ਸਕਦਾ ਹੈ।
ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਸ੍ਰੀਮਤੀ ਮਿੱਤਲ ਨੇ ਕਿਹਾ ਕਿ 25 ਜੂਨ ਤੋਂ ਸ਼ੁਰੂ ਹੋਈ ਐਨੁਮਰੇਸ਼ਨ ਫਾਰਮ ਭਰਨ ਦੀ ਮੁਹਿੰਮ 24 ਜੁਲਾਈ, 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਉਪਰੰਤ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਅਗਲੇ ਪੜਾਅ ਵਿੱਚ 3 ਸਤੰਬਰ ਤੋਂ 28 ਸਤੰਬਰ, 2026 ਤੱਕ ਨੋਟਿਸ ਜਾਰੀ ਕਰਨ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀ ਇੱਕ ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐੱਸ ਆਈ ਆਰ 2026 ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭਰਮਾਊ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ੰਕੇ ਦੀ ਸਥਿਤੀ ਵਿੱਚ ਉਹ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰਨ।
ਸ੍ਰੀਮਤੀ ਮਿੱਤਲ ਨੇ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸੂਚਨਾ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਚੋਣ ਦਫ਼ਤਰ ਤੋਂ ਉਸ ਦੀ ਪੁਸ਼ਟੀ ਜ਼ਰੂਰ ਕਰ ਲੈਣ, ਤਾਂ ਜੋ ਲੋਕਾਂ ਤੱਕ ਕੇਵਲ ਸਹੀ ਅਤੇ ਪ੍ਰਮਾਣਿਕ ਜਾਣਕਾਰੀ ਹੀ ਪਹੁੰਚੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐੱਸ.ਡੀ.ਐੱਮ.) ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਕੇ ਮੁਹਿੰਮ ਦੇ ਪਹਿਲੇ ਦਿਨ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਹਦਾਇਤ ਕੀਤੀ ਕਿ ਭਰੇ ਗਏ ਹਰੇਕ ਐਨੁਮਰੇਸ਼ਨ ਫਾਰਮ ਨੂੰ ਨਿਯਮਤ ਤੌਰ 'ਤੇ ਈ.ਸੀ.ਆਈ.ਨੈੱਟ ਪੋਰਟਲ 'ਤੇ ਅਪਲੋਡ ਕਰਕੇ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਹਰ ਯੋਗ ਵੋਟਰ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ।
ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਵਿਸ਼ੇਸ਼ ਮੁਹਿੰਮ ਤੋਂ ਵਾਂਝਾ ਨਾ ਰਹਿ ਜਾਵੇ।