5 Dariya News

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

ਮਹਿਲਾ ਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਇਕ ਹੋਰ ਇਤਿਹਾਸਕ ਕਦਮ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

5 Dariya News

ਬੁਢਲਾਡਾ/ਮਾਨਸਾ 01-Jul-2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੀਆਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਇਤਿਹਾਸਕ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਸਿੱਧੀ ਵਿੱਤੀ ਸਹਾਇਤਾ ਦੇ ਭੁਗਤਾਨ ਦੀ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਵਿਸ਼ੇਸ਼ ਅਤੇ ਇਤਿਹਾਸਕ ਮੌਕੇ 'ਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਤਹਿ ਦਿਲੋਂ ਧੰਨਵਾਦ ਕੀਤਾ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਅੱਜ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ ਅਤੇ ਅੱਜ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਣ ਨਾਲ ਪੂਰੇ ਪੰਜਾਬ ਸਮੇਤ ਹਲਕੇ ਦੇ ਘਰ-ਘਰ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਯੋਜਨਾ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਸਿਰਫ਼ ਇੱਕ ਵਿੱਤੀ ਸਹਾਇਤਾ ਨਹੀਂ ਹੈ, ਬਲਕਿ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਤਿਕਾਰ ਅਤੇ ਸਵੈ-ਮਾਣ ਦੀ ਬਹਾਲੀ ਹੈ। ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਰਾਸ਼ੀ ਜਾਣ ਨਾਲ ਉਹ ਆਰਥਿਕ ਤੌਰ 'ਤੇ ਆਤਮ-ਨਿਰਭਰ ਹੋਣਗੀਆਂ ਅਤੇ ਇਹ ਕਦਮ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਸ਼ਕਤੀਕਰਨ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਿਜਲੀ ਬਿੱਲ ਜ਼ੀਰੋ ਕਰਕੇ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਅਤੇ ਹੁਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਿੱਧਾ ਲਾਭ ਦੇ ਕੇ ਘਰੇਲੂ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਗਿਆ ਹੈ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਹਲਕਾ ਬੁਢਲਾਡਾ ਦੀਆਂ ਸਮੂਹ ਮਾਵਾਂ-ਧੀਆਂ ਨੂੰ ਇਸ ਇਤਿਹਾਸਕ ਯੋਜਨਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ ਹਿੱਤ ਦੇ ਅਜਿਹੇ ਇਨਕਲਾਬੀ ਫੈਸਲੇ ਲਗਾਤਾਰ ਜਾਰੀ ਰੱਖੇਗੀ।