5 Dariya News

ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02-Jul-2026

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਕੈਲੋ, ਸੈਦਪੁਰ ਅਤੇ ਗਿੱਦੜਪੁਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਲੋਕ ਭਲਾਈ ਨੂੰ ਤਰਜੀਹ ਦਿੱਤੀ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਸਰਕਾਰ ਦੀਆਂ ਗਾਰੰਟੀਆਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਕੈਲੋ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਧਰਮਸ਼ਾਲਾ ਲਈ 15 ਲੱਖ ਰੁਪਏ, ਪਛੜੀਆਂ ਸ਼੍ਰੇਣੀਆਂ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਚਾਰ ਲੋੜਵੰਦ ਪਰਿਵਾਰਾਂ ਦੇ ਮਕਾਨਾਂ ਲਈ 8 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਪਿੰਡ ਸੈਦਪੁਰ ਵਿੱਚ 16 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਲਈ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇੱਥੇ ਓਪਨ ਜਿਮ ਦੀ ਸਥਾਪਨਾ ਕੀਤੀ ਗਈ ਹੈ ਅਤੇ ਸਵਾੜਾ-ਸੈਦਪੁਰ-ਗਿੱਦੜਪੁਰ-ਚੰਡਿਆਲਾ ਸੜਕ ਨੂੰ 18 ਫੁੱਟ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। 30 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਜਾਰੀ ਹੈ, ਜਦਕਿ ਸਕੂਲ ਵਿੱਚ 2.50 ਲੱਖ ਰੁਪਏ ਦੀ ਲਾਗਤ ਨਾਲ ਰਸੋਈ ਅਤੇ 23 ਲੱਖ ਰੁਪਏ ਨਾਲ ਪੇਵਰ ਬਲਾਕ ਲਗਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਪਿੰਡ ਦੇ ਨੌਂ ਨੌਜਵਾਨਾਂ ਨੂੰ ਡੀ.ਸੀ. ਰੇਟ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਧਰਮਸ਼ਾਲਾ ਵਿੱਚ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਫਿਰਨੀ ਨਾਲ ਲੱਗਦੇ ਨਾਲੇ ਦੀ ਉਸਾਰੀ ਲਈ 20 ਲੱਖ ਰੁਪਏ ਜਲਦ ਜਾਰੀ ਕੀਤੇ ਜਾਣਗੇ। ਪਿੰਡ ਗਿੱਦੜਪੁਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ ਖਰਚ ਕੀਤੇ ਗਏ ਹਨ। 

ਗਲੀਆਂ-ਨਾਲੀਆਂ ਦੇ ਵਿਕਾਸ ਲਈ 11 ਲੱਖ ਰੁਪਏ ਅਤੇ ਪਿੰਡ ਦੇ ਟੋਬੇ ਦੇ ਨਵੀਨੀਕਰਨ ਲਈ ਵੀ 11 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਦੇ ਕੰਮ ਜਲਦ ਸ਼ੁਰੂ ਹੋਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਤਰਲੋਚਨ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਸੰਤੋਖ ਸਿੰਘ (ਸਾਬਕਾ ਸਰਪੰਚ), ਰਜਿੰਦਰ ਸਿੰਘ, ਲਾਲਾ ਮਾਵੀ, ਸੁਖਜੀਤ ਸਿੰਘ ਮਾਵੀ, ਅਵਤਾਰ ਸਿੰਘ ਮੌਲੀ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਕੌਂਸਲਰ ਸਤਵਿੰਦਰ ਸਿੰਘ ਮਿੱਠੂ, ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।