ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ
ਡੀ-ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਨਵਜੋਤ ਕੌਰ
5 Dariya News
ਮਾਨਸਾ 02-Jul-2026
ਬਰਸਾਤੀ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਅਤੇ ਅਗੇਤੇ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ, ਘੱਗਰ ਦਰਿਆ ਵਿੱਚ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ 5 ਪ੍ਰਮੁੱਖ ਥਾਵਾਂ 'ਤੇ ਮਿੱਟੀ-ਗਾਰ ਕੱਢਣ ਅਤੇ ਸਫ਼ਾਈ (ਡੀ- ਸਿਲਟਿੰਗ) ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਾਰੀਆਂ ਨਿਰਧਾਰਿਤ ਥਾਵਾਂ 'ਤੇ ਡੀ ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘੱਗਰ ਦਰਿਆ ਅੰਦਰ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਘੱਗਰ ਨੇੜੇ ਪਿੰਡ ਸਰਦੂਲੇਵਾਲਾ, ਪਿੰਡ ਧਿੰਗਾਨਾ, ਭਗਵਾਨਪੁਰ ਹਿੰਗਣਾ ਅਤੇ ਆਹਲੂਪੁਰ ਦੇ ਨਜ਼ਦੀਕੀ ਖੇਤਰ, ਪਿੰਡ ਭੱਲਣਵਾੜਾ, ਪਿੰਡ ਫੂਸ ਮੰਡੀ ਅਤੇ ਮੀਰਪੁਰ ਖੁਰਦ ਦੇ ਨੇੜਲੇ ਹਿੱਸੇ ਅਤੇ ਘੱਗਰ ਦਰਿਆ ਸਰਦੂਲਗੜ੍ਹ ਨਜ਼ਦੀਕ ਸਟੀਲ ਫੁੱਟ ਬ੍ਰਿਜ ਵਿਖੇ ਡੀ-ਸਿਲਟਿੰਗ ਕਰਵਾਈ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੂੰ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਉਹ ਘੱਗਰ ਦਰਿਆ ਸਮੇਤ ਇਲਾਕੇ ਦੇ ਹੋਰ ਬਰਸਾਤੀ ਨਾਲਿਆਂ ਵਿੱਚ ਪਾਣੀ ਦੇ ਪੱਧਰ ਉੱਤੇ ਨਿਰੰਤਰ ਚੌਕਸੀ ਰੱਖਣ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਇਸ ਮੀਟਿੰਗ ਵਿੱਚ ਐਸ.ਪੀ. ਪ੍ਰਦੀਪ ਸੰਧੂ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਪਰਮਿੰਦਰ ਸਿੰਘ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।