'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" : ਡਾ. ਸੰਗੀਤਾ ਜੈਨ ਤੇ ਰਾਜਿੰਦਰ ਪ੍ਰਸਾਦ ਸ਼ਰਮਾ ਨੇ ਕੀਤਾ ਨਿਰੀਖਣ
ਫ਼ੇਜ਼ 6 ਦੇ ਘਰਾਂ ਵਿਚ ਪਾਈ ਫੇਰੀ, ਸਾਵਧਾਨੀਆਂ ਵਰਤਣ ਲਈ ਪ੍ਰੇਰਿਆ
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ 03-Jul-2026
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ ਨਾਲ ਫ਼ੇਜ਼ 6 ਵਿਖੇ ਘਰਾਂ ਵਿਚ ਚੱਲ ਰਹੀ ਕਾਰਵਾਈ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਆ। ਡਾ. ਜੈਨ ਅਤੇ ਸ੍ਰੀ ਸ਼ਰਮਾ ਨੇ ਕਈ ਘਰਾਂ ਵਿਚ ਫੇਰੀ ਪਾਈ ਅਤੇ ਮੱਛਰ ਦੀ ਪੈਦਾਇਸ਼ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਵੇਖਿਆ ਅਤੇ ਜਿਸ ਘਰ ਵਿਚ ਮੱਛਰ ਦਾ ਲਾਰਵਾ ਮਿਲਿਆ, ਉਸ ਘਰ ਦੇ ਮਾਲਕਾਂ ਨੂੰ ਚਿਤਾਵਨੀ ਦਿਤੀ ਗਈ ਕਿ ਅਗਲੀ ਵਾਰ ਲਾਰਵਾ ਮਿਲਣ ’ਤੇ ਨਿਗਮ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿਤੀ ਅਤੇ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ-ਲੋੜੀਂਦਾ ਹੈ।
ਸ੍ਰੀ ਸ਼ਰਮਾ ਨੇ ਸੰਬੋਧਨ ਕਰਦਿਆਂ ਜਿੱਥੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ, ਉਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ਤੇ ਵਿਚ ਇਕ ਵਾਰ ਕੰਟੇਨਰ ਜ਼ਰੂਰ ਸਾਫ਼ ਕਰਨ ਅਤੇ ਕੂਲਰਾਂ ਆਦਿ ਵਿਚਲਾ ਪਾਣੀ ਹਰ ਰੋਜ਼ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਜਾਨਲੇਵਾ ਮੱਛਰ ਤੋਂ ਬਚਾਅ ਬਹੁਤ ਜ਼ਰੂਰੀ ਹੈ, ਇਸ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।
ਇਸੇ ਦੌਰਾਨ ਜ਼ਿਲ੍ਹੇ ਵਿਚ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਟੀਮਾਂ ਨੇ ਵੱਖ ਵੱਖ ਥਾਈਂ ਕੰਟੇਨਰ ਸਰਵੇ ਕੀਤੇ। ਮੁਹਿੰਮ ਵਿਚ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਗਿਆ।
ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ।
ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਤੇ ਹੋਰ ਅਧਿਕਾਰੀ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।