ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ
ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਕਰਵਾਇਆ ਗਿਆ ਜਾਣੂੰ
5 Dariya News
ਮਲੋਟ / ਸ੍ਰੀ ਮੁਕਤਸਰ ਸਾਹਿਬ 03-Jul-2026
ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਹਨਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਗਰੀਬ ਤੇ ਅਨੁਸੂਚਿਤ ਜਾਤੀਆਂ ਦੇ ਯੋਗ ਬੱਚਿਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਅਪੋਲੋ ਹਸਪਤਾਲ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ।
ਇਹਨਾਂ ਵਲੋਂ ਚੁਣੇ ਹੋਏ ਬੱਚਿਆ ਨੂੰ ਤਿੰਨ ਮਹੀਨੇ ਦੀ ਟਰੇਨਿੰਗ ਛੋਟੇ ਬੱਚਿਆਂ ਅਤੇ ਬਜਰੁਗਾਂ ਦੀ ਸਾਂਭ ਸੰਭਾਲ ਸਬੰਧੀ ਲੁਧਿਆਣਾ ਵਿਖੇ ਦਿੱਤੀ ਜਾਵੇਗੀ ਅਤੇ ਟਰੇਨਿੰਗ ਦੌਰਾਨ ਬੱਚਿਆ ਦਾ ਰਹਿਣ ਸਹਿਣ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।