5 Dariya News

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਦੀ ਕਮੇਟੀ ਵੱਲੋਂ ਅਮਨ ਅਰੋੜਾ ਤੇ ਐੱਮ.ਸੀ. ਸਾਹਿਬਾਨ ਦਾ ਸਨਮਾਨ

5 Dariya News

ਸੁਨਾਮ 06-Jul-2026

ਸ੍ਰੀ ਨੈਣਾ ਦੇਵੀ ਮੰਦਰ, ਸੁਨਾਮ ਵਿਖੇ ਅੱਜ ਧਾਰਮਿਕ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਮਾਹੌਲ ਵਿੱਚ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵੱਖ-ਵੱਖ ਐਮ.ਸੀ. ਸਾਹਿਬਾਨ ਦਾ ਨਿੱਘਾ ਸਵਾਗਤ ਕਰਦਿਆਂ ਮਾਤਾ ਜੀ ਦੀ ਚੁੰਨੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਸੁਨਾਮ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। 

ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ, ਖੇਡਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਪ੍ਰਤੀ ਸਰਕਾਰ ਦੇ ਸਕਾਰਾਤਮਕ ਰਵੱਈਏ ਦੀ ਵੀ ਸ਼ਲਾਘਾ ਕੀਤੀ ਗਈ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੰਦਰ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੱਧ ਸਮਰਪਣ ਨਾਲ ਲੋਕ ਸੇਵਾ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕੇਵਲ ਆਸਥਾ ਦੇ ਕੇਂਦਰ ਹੀ ਨਹੀਂ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ, ਨੈਤਿਕ ਕਦਰਾਂ-ਕੀਮਤਾਂ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਕੇਂਦਰ ਵੀ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ "ਰੰਗਲਾ ਪੰਜਾਬ" ਸਿਰਜਣ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਟੀਚਾ ਹੈ ਕਿ ਵਿਕਾਸ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਸਮਾਜਿਕ ਏਕਤਾ, ਮਨੁੱਖੀ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਅਜਿਹੀਆਂ ਸੰਸਥਾਵਾਂ ਨਾਲ ਮਿਲ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹੇਗੀ।

ਇਸ ਮੌਕੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਨਾਲ ਮੰਦਰ ਦੇ ਵਿਕਾਸ ਅਤੇ ਇਲਾਕੇ ਨਾਲ ਸਬੰਧਤ ਕੁਝ ਹੋਰ ਲੋਕ ਭਲਾਈ ਦੇ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਉਨ੍ਹਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਸਮਾਗਮ ਦੌਰਾਨ ਧਾਰਮਿਕ ਰਸਮਾਂ ਉਪਰੰਤ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ ਗਈ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਕਾਮਨਾ ਕੀਤੀ ਗਈ। ਇਸ ਮੌਕੇ ਮੰਦਰ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਪਤਵੰਤੇ ਸੱਜਣ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।