5 Dariya News

ਕੰਗਮਾਈ ਦੇ ਵਿਕਾਸ ਨੂੰ ਮਿਲੀ ਰਫ਼ਤਾਰ, ਡਾ. ਰਵਜੋਤ ਸਿੰਘ ਨੇ ਪੰਚਾਇਤ ਨੂੰ 9 ਲੱਖ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਕਰਵਾ ਰਹੀ ਸਰਵਪੱਖੀ ਵਿਕਾਸ-ਮੰਤਰੀ ਰਵਜੋਤ ਸਿੰਘ

5 Dariya News

ਹੁਸ਼ਿਆਰਪੁਰ 06-Jul-2026

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ  ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੰਗਮਾਈ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 9 ਲੱਖ ਰੁਪਏ ਦਾ ਚੈੱਕ ਸੌਂਪਿਆ। 

ਇਸ ਮੌਕੇ ਸਰਪੰਚ ਪਿਆਰਾ ਸਿੰਘ, ਪੰਚ ਹਰਦੀਪ ਸਿੰਘ, ਸਤਪਾਲ ਸਿੰਘ ਪੰਚ, ਰਜਿੰਦਰ ਕੁਮਾਰ ਪੰਚ, ਰੀਨਾ ਕੁਮਾਰੀ ਪੰਚ, ਰਣਜੀਤ ਸਿੰਘ, ਸਰਬਜੀਤ ਸਿੰਘ,  ਪਰਮਿੰਦਰ ਸਿੰਘ ਪੰਨੂ, ਅਮਨਦੀਪ ਸਿੰਘ ਪੰਨੂ, ਰਾਮ ਪ੍ਰਕਾਸ਼, ਬਲਵੀਰ ਸਿੰਘ, ਸਤਵਿੰਦਰ ਸਿੰਘ, ਬਿਕਰਮਜੀਤ ਸਿੰਘ, ਅਸ਼ੋਕ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦਾ ਸੰਤੁਲਿਤ ਵਿਕਾਸ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਅਮਲੀ ਜਾਮਾ ਪਹਿਨਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਵਿਕਾਸ ਦੀ ਨਵੀਂ ਸੋਚ ਨਾਲ ਕੰਮ ਹੋ ਰਿਹਾ ਹੈ।

ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਸਾਫ਼ ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਰਕਾਰੀ ਸਕੂਲਾਂ, ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕੰਗਮਾਈ ਲਈ ਜਾਰੀ ਕੀਤਾ ਗਿਆ 9 ਲੱਖ ਰੁਪਏ ਦਾ ਇਹ ਵਿਕਾਸ ਫੰਡ ਵੀ ਪਿੰਡ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਖਰਚ ਕੀਤਾ ਜਾਵੇਗਾ, ਜਿਸ ਨਾਲ ਪਿੰਡ ਦੇ ਵਿਕਾਸ ਨੂੰ ਹੋਰ ਬਲ ਮਿਲੇਗਾ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ, ਸਿੱਖਿਆ, ਸਿਹਤ, ਬਿਜਲੀ, ਕਿਸਾਨ ਭਲਾਈ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿੱਚ ਪੰਜਾਬ ਨੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।