5 Dariya News

'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਘਨੌਰੀ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ

ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼

5 Dariya News

ਧੂਰੀ 07-Jul-2026

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰੀ ਕਲਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਰੇਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਹੀ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ 'ਲੋਕ ਮਿਲਣੀ' ਵਰਗੇ ਉਪਰਾਲਿਆਂ ਨਾਲ ਪ੍ਰਸ਼ਾਸਨ ਹੋਰ ਵੱਧ ਜਵਾਬਦੇਹ ਅਤੇ ਲੋਕਾਂ ਦੇ ਨੇੜੇ ਹੋਇਆ ਹੈ। 

ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਜੁੱਗ ਘਨੌਰ, ਅਮਨ ਖਾਨ ਘਨੌਰੀ ਕਲਾਂ, ਰਮਨਦੀਪ ਕੌਰ ਵਾਈਸ ਚੇਅਰਮੈਨ ਬਲਾਕ ਸੰਮਤੀ ਸ਼ੇਰਪੁਰ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।