5 Dariya News

ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਘਰ-ਘਰ ਸਰਵੇ ਕਰਕੇ ਲਾਰਵਾ ਦੀ ਪਛਾਣ ਅਤੇ ਨਸ਼ਟ ਕੀਤਾ ਜਾਵੇਗਾ- ਸਪੀਕਰ ਸੰਧਵਾਂ

5 Dariya News

ਫ਼ਰੀਦਕੋਟ 13-Jul-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਤੋਂ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਡੇਂਗੂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪਿਛਲੇ ਸਾਲਾਂ ਵਾਂਗ ਇਸ ਵਾਰ ਕੋਟਕਪੂਰਾ ਵਿੱਚ ਡੇਂਗੂ ਅਤੇ ਚਿਕਨਗੁਨੀਆ ਦਾ ਪ੍ਰਕੋਪ ਨਾ ਫੈਲੇ। ਇਸ ਲਈ ਬਿਮਾਰੀ ਫੈਲਣ ਤੋਂ ਪਹਿਲਾਂ ਹੀ ਪ੍ਰਭਾਵਿਤ ਹੋ ਸਕਣ ਵਾਲੇ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨਗੀਆਂ ਅਤੇ ਸਰਵੇ ਰਾਹੀਂ ਉਨ੍ਹਾਂ ਥਾਵਾਂ ਦੀ ਪਛਾਣ ਕਰਨਗੀਆਂ ਜਿੱਥੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੈ। ਅਜਿਹੀਆਂ ਥਾਵਾਂ ਤੇ ਤੁਰੰਤ ਲਾਰਵਾ ਨਸ਼ਟ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਕੂਲਰਾਂ ਦਾ ਪਾਣੀ ਸਮੇਂ-ਸਮੇਂ 'ਤੇ ਬਦਲਦੇ ਰਹਿਣ। ਉਨ੍ਹਾਂ ਕਿਹਾ ਕਿ ਨਾਲੀਆਂ ਜਾਂ ਹੋਰ ਜਨਤਕ ਥਾਵਾਂ 'ਤੇ ਜੇਕਰ ਪਾਣੀ ਖੜ੍ਹਾ ਹੋਵੇ ਤਾਂ ਇਸ ਸਬੰਧੀ ਤੁਰੰਤ ਨਗਰ ਕੌਂਸਲ ਜਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਡੇਂਗੂ ਵਰਗੀਆਂ ਬਿਮਾਰੀਆਂ ਤੇ ਪ੍ਰਭਾਵਸ਼ਾਲੀ ਕਾਬੂ ਸਿਰਫ਼ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਐਸ.ਐਮ.ਓ ਡਾ. ਹਰਿੰਦਰ ਗਾਂਧੀ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਦੇ ਡਾਕਟਰ, ਸਿਹਤ ਵਿਭਾਗ ਦੇ ਅਧਿਕਾਰੀ, ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।