5 Dariya News

ਪਿੰਡ ਕੋਰਟ ਦਾ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਨਿੱਘਾ ਸਵਾਗਤ

5 Dariya News

ਹੁਸ਼ਿਆਰਪੁਰ/ਸ਼ਾਮਚੁਰਾਸੀ 14-Jul-2026

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੋਰਟ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। 

ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਨੀਤੀਆਂ ਕਾਰਨ ਹਰ ਵਰਗ ਦਾ ਭਰੋਸਾ ਆਮ ਆਦਮੀ ਪਾਰਟੀ ਉੱਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮਾਣ-ਸਤਿਕਾਰ ਰੱਖਣ ਵਾਲੇ ਤਜਰਬੇਕਾਰ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਪ੍ਰਾਪਤ ਹੋਵੇਗੀ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ, ਪੀਣ ਵਾਲੇ ਪਾਣੀ, ਸੜਕਾਂ, ਖੇਡਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। 

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਡਾ. ਰਵਜੋਤ ਸਿੰਘ ਵੱਲੋਂ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

ਰਾਕੇਸ਼ ਕੁਮਾਰ ਸੋਨੂੰ ਨੇ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਪਹਿਲ ਰਹੇਗੀ ਅਤੇ ਉਹ ਪਿੰਡ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ, ਦਰਸ਼ਨ ਸਿੰਘ, ਪੰਡਿਤ ਸੁਦੇਸ਼,  ਮੁਕੇਸ਼ ਕੁਮਾਰ,  ਕਸ਼ਮੀਰ ਸਿੰਘ, ਨੰਬਰਦਾਰ ਪ੍ਰਕਾਸ਼,  ਸਰੂਪ ਸਿੰਘ, ਡਾ. ਰਵਿੰਦਰ ਸਿੰਘ,  ਵਿਨੋਦ ਕੁਮਾਰ ਆਦਿ ਵੀ ਮੌਜੂਦ ਸਨ।