ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ
ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੱਚਤ ਭਵਨ ਵਿਖੇ ਕੀਤੀ ਮੀਟਿੰਗ
5 Dariya News
ਫ਼ਤਹਿਗੜ੍ਹ ਸਾਹਿਬ 16-Jul-2026
ਸਥਾਨਕ ਬੱਚਤ ਭਵਨ ਵਿਖੇ ਮੈਂਬਰ ਲੋਕ ਸਭਾ ਡਾ.ਅਮਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੇਂਦਰੀ ਸਮਾਂਸਰ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ(ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ.ਅਮਲੋਹ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਮੌਜੂਦ ਸਨ।
ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ 31 ਅਗਸਤ ਤੱਕ ਵਰਤੋਂ ਸਰਟੀਫਿਕੇਟ ਹਰ ਹੀਲੇ ਭੇਜਣੇ ਯਕੀਨੀ ਬਣਾਏ ਜਾਣ। ਡਾ.ਅਮਰ ਸਿੰਘ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਐਮ.ਪੀ.ਲੈਂਡ, ਮਗਨਰੇਗਾ, ਸਮੱਗਰ ਸਿੱਖਿਆ ਅਭਿਆਨ, ਸਵੱਛ ਭਾਰਤ ਮਿਸ਼ਨ, ਮਿਡ-ਡੇ-ਮੀਲ, ਰਾਸਟਰੀ ਸਿਹਤ ਮਿਸ਼ਨ, ਬੇਟੀ ਬਚਾਓ-ਬੇਟੀ ਪੜਾਓ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਦੀਨ ਦਿਯਾਲ ਉਪਾਧਿਆ ਗ੍ਰਾਮਿਣ ਕੋਸ਼ਲਿਆ ਯੋਜਨਾ, ਪ੍ਰਧਾਨ ਮੰਤਰੀ ਰੋਜਗਾਰ ਜਨਰੇਸ਼ਨ ਪ੍ਰੋਗਰਾਮ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਵਾਸ਼ ਯੋਜਨਾ, ਆਰ.ਸੈਟੀ ਆਦਿ ਅਧੀਨ ਆਉਂਦੇ ਕੰਮਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਦੀ ਭਾਈਵਾਲੀ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਜੇਕਰ ਕਿਸੇ ਕਿਸਮ ਦੀ ਕੋਈ ਅੜਚਣ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨਾਲ ਗੱਲ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਸਮੂਹ ਅਧਿਕਾਰੀਆਂ ਵੱਲੋਂ ਇੰਨ-ਬਿੰਨ ਰੂਪ ਵਿੱਚ ਪਾਲਣਾ ਕੀਤੀ ਜਾਵੇਗੀ ਅਤੇ ਕੇਂਦਰੀ ਸਪਾਂਸਰ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਿਖਾਈ ਜਾਵੇਗੀ।
ਮੀਟਿੰਗ ਵਿੱਚ ਲੋਕ ਸਭਾ ਹਲਕਾ ਫਤਹਿਗੜ੍ਹ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।